ਚੰਡੀਗੜ੍ਹ, 30 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪਰਵ ਤੇ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੇ ਮੌਕੇ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਪਹਿਲੇ ਜੱਥੇ ਦੇ ਲੋਕਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਸੂਤਰਾਂ ਅਨੁਸਾਰ ਇਸ ਸੂਚੀ ਵਿੱਚ 575 ਵਿਅਕਤੀਆਂ ਦੇ ਨਾਮ ਹਨ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਸ਼ਾਮਲ ਹਨ।9 ਨਵੰਬਰ ਨੂੰ ਪਹਿਲਾ ਜੱਥਾ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ। ਰਾਜ ਸਰਕਾਰ ਨੇ 400 ਤੋਂ ਵੱਧ ਲੋਕਾਂ ਦੀ ਸੂਚੀ ਕੇਂਦਰ ਸਰਕਾਰ ਨੂੰ ਭੇਜੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ, ਸਾਰੇ ਸੰਸਦ ਮੈਂਬਰਾਂ, ਸਾਰੇ ਵਿਧਾਇਕਾਂ, ਸਾਬਕਾ ਮੰਤਰੀਆਂ, ਸੰਤ ਸਮਾਜ ਦੇ ਨੁਮਾਇੰਦਿਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਵੱਖਰੀ ਸੂਚੀ ਭੇਜੀ ਗਈ ਹੈ ਜਿਸ ਵਿਚ ਐਸਜੀਪੀਸੀ ਮੈਂਬਰ ਅਤੇ ਕਮੇਟੀ ਦੇ ਅਧਿਕਾਰੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਕ ਸੂਚੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਭੇਜੀ ਗਈ ਹੈ। ਇਸ ਵੇਲੇ ਕੇਂਦਰ ਦੁਆਰਾ 575 ਨਾਵਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 12 ਨਵੰਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਹੈ.