ਸਿੱਧੂ ਵੱਲੋਂ ਲਾਂਡਰਾਂ-ਸਰਹਿੰਦ ਸੜਕ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

Advertisement


ਸਿਹਤ ਮੰਤਰੀ ਨੇ ਦਫ਼ਾ 19 ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਲਈ ਕਿਹਾ
ਐਸ.ਏ.ਐਸ. ਨਗਰ, 13 ਨਵੰਬਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ-ਸਰਹਿੰਦ ਸੜਕ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ।
ਇਸ ਸੜਕ ਪ੍ਰਾਜੈਕਟ ਦੀ ਮੌਨੀਟਰਿੰਗ ਲਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ. ਸਿੱਧੂ ਨੇ ਕਿਹਾ ਕਿ ਇਹ ਸੜਕ ਤੰਗ ਹੋਣ ਕਾਰਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਤੋਂ ਨਿਜ਼ਾਤ ਪਾਉਣ ਲਈ ਸੜਕ ਨੂੰ ਚੌੜਾ ਕਰਨ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਲਾਂਡਰਾਂ-ਸਰਹਿੰਦ ਸੜਕ ਲਈ 6.9 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ ਅਤੇ ਇਸ ਸੜਕ ਨੂੰ ਛੇਤੀ ਮੁਕੰਮਲ ਕੀਤਾ ਜਾਵੇਗਾ ਤਾਂ ਕਿ ਲਾਂਡਰਾਂ ਵਿੱਚ ਲਗਦੇ ਜਾਮ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾ ਸਕੇ।
ਸ. ਸਿੱਧੂ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਲਈ ਦਫ਼ਾ 19 ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ, ਜਿਸ ਸਬੰਧੀ ਇਤਰਾਜ਼ ਐਸ.ਡੀ.ਐਮ. ਦਫ਼ਤਰ ਵਿੱਚ ਲਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਸਬੰਧੀ ਕਾਗਜ਼ੀ ਕਾਰਵਾਈ ਤੁਰੰਤ ਨਿਬੇੜਨ ਲਈ ਕਿਹਾ ਤਾਂ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।
ਸਿਹਤ ਮੰਤਰੀ ਨੇ ਕਿਹਾ ਕਿ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ, ਉਸ ਤੋਂ ਬਾਅਦ ਹੋਰ ਲੋੜੀਂਦੀ ਕਾਰਵਾਈ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨੂੰ ਛੇਤੀ ਚੌੜਾ ਕਰਵਾਇਆ ਜਾਵੇਗਾ ਤਾਂ ਕਿ ਫਤਹਿਗੜ੍ਹ ਸਾਹਿਬ ਜਾਣ ਵਾਲੇ ਲੋਕਾਂ ਨੂੰ ਔਖ ਨਾ ਆਵੇ। ਇਸ ਤੋਂ ਪਹਿਲਾਂ ਵੀ ਲੋਕਾਂ ਦੀ ਸਹੂਲਤ ਲਈ ਸ. ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਇਸ ਸੜਕ ਉਤੇ 45 ਲੱਖ ਰੁਪਏ ਦੀ ਮਦਦ ਨਾਲ ਪੇਵਰ ਬਲਾਕ ਲਵਾਏ ਗਏ ਸਨ।
ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ. ਐਸ.ਏ.ਐਸ. ਨਗਰ ਸ੍ਰੀ ਜਗਦੀਪ ਸਹਿਗਲ, ਐਕਸੀਅਨ ਪੀ.ਡਬਲਯੂ.ਡੀ. ਯੁਵਰਾਜ ਸਿੰਘ ਬਿੰਦਰਾ ਤੇ ਹੋਰ ਹਾਜ਼ਰ ਸਨ।