ਸ਼ਰਧਾਲੂਆਂ ਤੋਂ ਪੈਸਾ ਵਸੂਲਣ ਸਬੰਧੀ ਸੇਵਾ ਕੇਂਦਰਾਂ ਦੀ ਕੋਈ ਵੀ ਸ਼ਿਕਾਇਤ ਸਿੱਧੇ ਤੌਰ ’ਤੇ ਮੁੱਖ ਮੰਤਰੀ ਦਫ਼ਤਰ ਨੂੰ ਕੀਤੀ ਜਾਵੇ
ਚੰਡੀਗੜ, 1 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਵਸੂਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਫੀਸ ਦਾ ਭੁਗਤਾਨ ਕਰਨ ਲਈ ਕਹਿੰਦਾ ਹੈ ਤਾਂ ਇਸ ਬਾਰੇ ਸਿੱਧੇ ਤੌਰ ’ਤੇ ਉਨਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।
ਸੇਵਾ ਕੇਂਦਰਾਂ ਵਿਖੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰਨ ਲਈ ਸਹੂਲਤ ਫੀਸ ਵਜੋਂ ਸ਼ਰਧਾਲੂਆਂ ਤੋਂ ਵਸੂਲੀ ਕੀਤੇ ਜਾਣ ਦੀਆਂ ਰਿਪੋਰਟਾਂ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਤੋਂ ਕਿਸੇ ਤਰਾਂ ਦੀ ਵਸੂਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਤਰਾਂ ਮੁਫ਼ਤ ਹੈ।
ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਕਿਸਤਾਨ ਸਰਕਾਰ ਵੱਲੋਂ ਲਾਈ ਗਈ 20 ਡਾਲਰ ਦੀ ਫੀਸ ਦੀ ਨਿੱਜੀ ਤੌਰ ’ਤੇ ਮੁਖਾਲਫ਼ਤ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਦੇਸ਼ ਲਈ ਕਿਸੇ ਤਰਾਂ ਦੀ ਫੀਸ ਵਸੂਲਣੀ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨਾਂ ਕਿਹਾ ਕਿ ਭਾਰਤ, ਕਿਸੇ ਵੀ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲੈਂਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਸਹੂਲਤ ਅਤੇ ਆਨ ਲਾਈਨ ਐਪਲੀਕੇਸ਼ਨਾਂ ਦੀ ਪ੍ਰਿਆ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕੋਈ ਸਹੂਲਤ ਫੀਸ ਸ਼ਾਮਲ ਨਹੀਂ ਕੀਤੀ ਗਈ ਸੀ। ਉਨਾਂ ਕਿਹਾ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਉਹ ਗੰਭੀਰਤਾ ਨਾਲ ਨੋਟਿਸ ਲੈਣਗੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਮੂਹ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਦੇ ਖੁੱਲੇ ਦਰਸ਼ਨ ਦੀਦਾਰ ਕਰਨਾ ਹਰ ਸਿੱਖ ਦੀ ਇੱਛਾ ਅਤੇ ਹੱਕ ਹੈ।
ਕਰਤਾਰਪੁਰ ਗੁਰਦੁਆਰਾ ਸਾਹਿਬ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖ਼ਰੀ ਸਮਾਂ ਬਿਤਾਇਆ, ਹਰ ਸਿੱਖ ਦੇ ਜੀਵਨ ਵਿਚ ਇਕ ਵਿਸ਼ੇਸ਼ ਸਥਾਨ ਅਤੇ ਮਹੱਤਤਾ ਰੱਖਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਆਪਣੇ ਪਿਤਾ ਅਤੇ ਦਾਦਾ ਜੀ ਵਾਂਗ ਅਤੇ ਮਹਾਨ ਗੁਰੂ ਦੇ ਹਰ ਪੈਰੋਕਾਰ ਵਾਂਗ, ਉਹ (ਮੁੱਖ ਮੰਤਰੀ) ਖੁਦ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਸਦੀਆਂ ਤੱਕ ਸਿੱਖਾਂ ਲਈ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ । ਉਨਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਗੁਰਦੁਆਰਾ ਸਹਿਬ ਦੇ ਦਰਸ਼ਨ ਕਰਕੇ ਖੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਸਿੱਖ ਧਰਮ ਦੇ ਬਾਨੀ ਗੁਰੂ ਸਾਹਿਬ ਜੀ ਦੇ ਹੋਰ ਬਹੁਤ ਸਾਰੇ ਪੈਰੋਕਾਰ ਇਸ ਪਾਵਨ ਅਸਥਾਨ ‘ਤੇ ਸਤਿਕਾਰ ਦੇਣ ਦੀ ਆਪਣੀ ਇੱਛਾ ਨੂੰ ਪੂਰਾ ਕਰਨ ਦੇ ਯੋਗ ਹੋ ਸਕਣ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...