ਚੰਡੀਗੜ, 18 ਦਸੰਬਰ:ਸੂਬੇ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਹੋਰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ) ਵਲੋਂ ‘ਖਪਤਕਾਰ ਵਕਾਲਤ ਸੈੱਲ’ ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਨਿਪਟਾਉਣ ਦੀ ਨਵੀਂ ਪ੍ਰਕਿਰਿਆ ਨੂੰ ਜਨਤਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸੂਬੇ ਭਰ ’ਚ ਇਸ ਸੈੱਲ ਦੇ ਸਬੰਧ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਖਪਤਕਾਰ ਵਕਾਲਤ ਸੈੱਲ’ ਨੂੰ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੌਜੂਦ ਤਰੀਕਿਆਂ, ਖਪਤਕਾਰਾਂ ਨੂੰ ਉਨਾਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਖਪਤਕਾਰਾਂ ਦੇ ਲਾਭ ਹਿੱਤ ਨਿਊਜ਼ ਲੈਟਰ ਜਾਰੀ ਕਰਨਾ ਲਾਜ਼ਮੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ‘ਖਪਤਕਾਰ ਵਕਾਲਤ ਸੈੱਲ’ ਵਲੋਂ ਘਰੇਲੂ ਖਪਤਕਾਰਾਂ ਨਾਲ ਸਬੰਧਤ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਮੱਧਮ ਅਤੇ ਛੋਟੇ ਦਰਜੇ ਦੇ ਉਦਯੋਗਾਂ ਦੀਆਂ ਐਸੋਸੀਏਸ਼ਨਾਂ, ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰ ‘ਸ਼ਿਕਾਇਤਾਂ ਦੇ ਨਿਪਟਾਰੇ ਦੀ ਵਿਧੀ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਹਾਲਾਂਕਿ, ਕਿਸੇ ਵੀ ਸ਼ਿਕਾਇਤ ਸਬੰਧੀ ਬਿਜਲੀ ਉਪਭੋਗਤਾ ਐਮ ਐਂਡ ਐਫ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਵਾਲੀਆ ਨਾਲ ਸੰਪਰਕ ਕਰ ਸਕਦੇ ਹਨ, ਜਿਨਾਂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ। ਉਨਾਂ ਦੇ ਦਫਤਰ ਫੋਨ ਨੰਬਰ 0172-2720088 ਅਤੇ ਈ-ਮੇਲ[email protected] ਹੈ।





















