ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਹਰੀ ਝੰਡੀ ਦਿਖਾ ਕੇ ਕੀਤੇ ਰਵਾਨਾ
ਬਜ਼ੁਰਗ, ਮਹਿਲਾਵਾਂ,ਦਿਵਿਆਂਗ ਅਤੇ ਬੱਚੇ ਲੈ ਸਕਦੇ ਨੇ ਈ-ਰਿਕਸ਼ਾ ਦੀ ਸਹੂਲਤ
ਫਤਹਿਗੜ੍ਹ ਸਾਹਿਬ, 25 ਦਸੰਬਰ ਸਰਬੰਸਦਾਨੀ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ 28 ਦਸੰਬਰ ਤੱਕ ਮਨਾਈ ਜਾਣ ਵਾਲੀ ਸਲਾਨਾ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਪੰਜਾਬ ਸਰਕਾਰ ਵੱਲੋਂ 30 ਈ-ਰਿਕਸ਼ੇ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਸੁਰੂਆਤ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜੋਤੀ ਸਰੂਪ ਮੋੜਾਂ ਤੋਂ ਹਰੀ ਝੰਡੀ ਦੇ ਕੇ ਕਰਵਾਈ। ਸ. ਨਾਗਰਾ ਨੇ ਕਿਹਾ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਦੱਸਿਆ ਕਿ ਸੰਗਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਇਸ਼ਨਾਨ ਘਰਾਂ ਤੇ ਪਖਾਨਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੱਡੀ ਗਿਣਤੀ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇਸ਼ਨਾਨ ਘਰਾਂ ਦੀ ਸਹੂਲਤ ਵੀ ਸ਼ਾਮਲ ਹੈ। ਸ. ਨਾਗਰਾ ਨੇ ਦੱਸਿਆ ਕਿ ਵਿਭਾਗ ਵੱਲੋਂ ਤਿੰਨ ਟਾਈਲਟ ਬਲਾਕ ਤਿਆਰ ਕੀਤੇ ਗਏ ਹਨ ਅਤੇ ਹਰੇਕ ਬਲਾਕ ਵਿੱਚ 14 ਟਾਇਲਟ ਸੀਟਾਂ ਤੋਂ ਇਲਾਵਾ ਇਸ਼ਨਾਨ ਕਰਨ ਦਾ ਪ੍ਰਬੰਧ ਵੀ ਹੈ । ਇਸ ਤੋਂ ਇਲਾਵਾ 14 ਮੋਬਾਇਲ ਟਾਇਲਟ ਵੈਨਾਂ ਜਿਹੜੀਆਂ ਕਿ 7 ਔਰਤਾਂ ਤੇ 7 ਪੁਰਸ਼ਾਂ ਲਈ ਤਿਆਰ ਕੀਤੀਆਂ ਗਈਆਂ ਹਨ। ਹਰੇਕ ਮਹਿਲਾ ਟਾਇਲਟ ਵਿੱਚ 8 ਟਾਇਲਟ ਸੀਟਾਂ ਅਤੇ ਪੁਰਸ਼ਾਂ ਦੀ ਟਾਇਲਟ ਵੈਨ ਵਿੱਚ 10 ਟਾਇਲਟ ਸੀਟਾਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੰਗਤਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 20 ਥਾਵਾਂ ‘ਤੇ ਵਾਟਰ ਸਟੇਸ਼ਨ ਲਗਾਏ ਜਾ ਰਹੇ ਹਨ।