
ਮਾਨਸਾ,24 ਮਾਰਚ( ਵਿਸ਼ਵ ਵਾਰਤਾ)- ਲੋਕਾਂ ਦੀ ਸਿਹਤ ਕਾਇਮ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਲਾੲੇ ਗੲੇ ਕਰਫਿਊ ਵਿਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਢਿੱਲ ਨਾ ਦੇਣ ਦਾ ਫੈਸਲਾ ਲਿਆ ਹੈ।
ਅੈਸ ਅੈਸ ਪੀ ਡਾ ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਲੋਕਾਂ ਦਾ ਹਰ ਤਰ੍ਹਾਂ ਦਾ ਖਿਆਲ ਰੱਖਣ ਲਈ ਲਗਾਤਾਰ ਲਗਾਤਾਰ ਡਿਊਟੀ ਦੇ ਰਿਹਾ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਕੇ ਸਿਹਤ ਦਾ ਖਿਆਲ ਰੱਖਣ ਲਈ ਪ੍ਰੇਰਿਆ ਜਾ ਰਿਹਾ ਹੈ ਅਤੇ ਜਿਹੜੇ ਪ੍ਰਸ਼ਾਸਨਿਕ ਹੁਕਮਾਂ ਉਪਰ ਪਹਿਰਾ ਦੇਣ ਤੋਂ ਘੇਸਲ ਮਾਰਦੇ ਹਨ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੂੰ ਸਭ ਤੋਂ ਪਹਿਲਾਂ ਲੋਕ ਹਿਤ ਪਿਆਰੇ ਹਨ।
ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਲੋਕਾਂ ਵਲੋਂ ਸਹਿਯੋਗ ਨਾ ਕਰਨ ਦੀ ਸੂਰਤ ਵਿੱਚ ਕਰੋਨਾ ਵਾਇਰਸ ਫੈਲਦਾ ਹੈ, ਇਸ ਲਈ ਹੀ ਕਰਫਿਊ ਲਗਾਉਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿਤ ਲੲੀ ਜਦੋਂ ਲੋੜ ਮਹਿਸੂਸ ਹੋਈ ਤਾਂ ਜ਼ਰੂਰ ਕਰਫਿਊ ਵਿਚ ਢਿੱਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅਜੇ ਕੋਈ ਕੋਵਿਡ-19 ਦਾ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਲੋਕ ਸੇਵਾ ਲਈ ਡਿਊਟੀ ਦੇ ਰਿਹਾ ਹੈ।
ਇਸੇ ਦੌਰਾਨ ਪ੍ਰਸ਼ਾਸਨ ਨੇ ਪ੍ਰੈਸ ਸਮੇਤ ਜ਼ਰੂਰੀ ਅਤੇ ਅਮਰਜੈਂਸੀ ਸੇਵਾਵਾਂ ਵਾਲਿਆਂ ਨੂੰ ਕਰਫ਼ਿਊ ਤੋਂ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਹੋਈ ਹੈ।





















