
ਚੰਡੀਗੜ੍ਹ, 18 ਅਪ੍ਰੈਲ( ਵਿਸ਼ਵ ਵਾਰਤਾ)-ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਪੰਜਾਬ ਵਿੱਚ ਕੰਮ ਕਰਦੀਆਂ 54000 ਆਂਗਣਵਾੜੀ ਅਤੇ 27000 ਆਸ਼ਾ ਵਰਕਰਾਂ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਉਨ੍ਹਾਂ ਨੂੰ ਮਿਲ ਰਹੇ ਨਿਗੂਣੇ ਮਾਣ ਭੱਤਿਆਂ ਵੱਲ ਦਿਵਾਇਆ ਹੈ ।
ਉਨ੍ਹਾਂ ਪੱਤਰ ਵਿੱਚ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸੂਬੇ ਵਿੱਚ ਘਰ-ਘਰ ਜਾਕੇ ਬੁਢਾਪਾ/ਵਿਧਵਾ ਪੈਨਸ਼ਨ ਦੇਣ ਅਤੇ ਸਕੂਲੀ ਬੱਚਿਆਂ ਨੂੰ ਮਿਡ-ਡੇਅ-ਮੀਲ ਦੀਆ ਕਿੱਟਾਂ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਸ ਨੂੰ ਉਹ ਬਾਖੂਬੀ ਨਿਭਾ ਰਹੀਆਂ ਹਨ। ਇਨ੍ਹਾਂ ਦਾ ਕੰਮ ਬਹੁਤ ਹੀ ਜ਼ੋਖਮ ਭਰਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਕਰਕੇ ਇਹ ਹੋਰ ਵੀ ਔਖਾ ਹੋ ਗਿਆ ਹੈ। ਇਨ੍ਹਾਂ ਨੂੰ ਮਿਲਣ ਵਾਲਾ ਮਾਣਭੱਤਾ ਬਹੁਤ ਹੀ ਘੱਟ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦਾ ਕਰਫਿਊ/ ਲਾਕਡਾਊਨ ਸਮੇਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇ ਅਤੇ ਜ਼ੋਖਮ ਭਰੇ ਕੰਮ ਕਰਕੇ ਇਨ੍ਹਾਂ ਨੂੰ ਵੀ ਸਿਹਤ ਸੇਵਾਵਾਂ ਵਿਚ ਲਗੇ ਕਾਮਿਆਂ ਨੂੰ ਦਿੱਤੀ ਗਈ ਬੀਮਾ ਸਹੂਲਤ ਦੇ ਘੇਰੇ ਵਿੱਚ ਲਿਆਂਦਾ ਜਾਵੇ ।
ਕਾਮਰੇਡ ਸੇਖੋਂ ਨੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਆਸ਼ਾ ਵਰਕਰਾਂ ਦੀ ਡਿਊਟੀ ਸਿਹਤ ਸਹੂਲਤਾਂ ਦੇਣ ਵਾਲੇ ਕਾਮਿਆਂ ਨਾਲ ਲਗਾਈ ਗਈ ਹੈ ਅਤੇ ਉਹ ਇਸ ਨੂੰ ਤਨਦੇਹੀ ਨਾਲ ਨਿਭਾ ਰਹੀਆਂ ਹਨ, ਪਰ ਇਨ੍ਹਾਂ ਦਾ ਮਾਣਭੱਤਾ ਬਹੁਤ ਘੱਟ ਹੈ।ਇਨ੍ਹਾਂ ਦਾ ਕਰਫਿਊ ਅਤੇ ਲਾਕਡਾਊਨ ਦੇ ਸਮੇਂ ਦਾ ਮਾਣਭੱਤਾ ਯਕਮੁਸ਼ਤ 10000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ।
ਕਾਮਰੇਡ ਸੇਖੋਂ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਗਰੀਬ ਘਰਾਂ ਨਾਲ ਸਬੰਧਤ ਇਨ੍ਹਾਂ ਵਰਕਰਾਂ ਦੀ ਜ਼ਰੂਰ ਮਦਦ ਕਰਨਗੇ।





















