ਹੁਸ਼ਿਆਰਪੁਰ, 26 ਜੂਨ (ਵਿਸ਼ਵ ਵਾਰਤਾ):
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਵੀਡੀਓ ਕਾਨਫ੍ਰੇਸਿੰਗ ਦੇ ਰਾਹੀਂ ਉਨਾ ਨੂੰ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਵਿੱਚ ਸੀ.ਜੇ.ਐਮ ਕਮ-ਸਕੱਤਰ ਜ਼ਿਲਾ ਕਾਨੂੰਨੀ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਨਾਲਸਾ ਦੀ ਸਕੀਮ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਪੀੜਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਦਰਤੀ ਆਫਤਾਂ ਆਉਣ ‘ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪੀੜਤਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੁਆਰਾ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਸਹਾਇਤਾ ਦੇਣ ਲਈ ਅਥਾਰਟੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨਾਲ ਤਾਲਮੇਲ ਰੱਖਦੀ ਹੈ ਅਤੇ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਦੀ ਹੈ।
ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਥਾਰਟੀ ਜਿਥੇ ਮਹਿਲਾਵਾਂ, ਬੱਚਿਆਂ ਦੀ ਜ਼ਰੂਰਤਾਂ, ਪੀੜਤਾ ਦੀ ਸਿਹਤ ਸੰਭਾਲ ਅਤੇ ਮਹਾਂਮਾਰੀ ਨੂੰ ਰੋਕਣ ਦੀ ਨਿਗਰਾਨੀ ਕਰਦੀ ਹੈ, ਉਥੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਰ ਗਰੁੱਪ ਨਾਲ ਮਿਲ ਕੇ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮੇਂ-ਸਮੇਂ ‘ਤੇ ਰਿਪੋਰਟ ਵੀ ਇਕੱਠੀ ਕਰਦੀ ਹੈ। ਸੀ.ਜੇ.ਐਮ. ਨੇ ਵੀਡੀਓ ਕਾਨਫ੍ਰੇਸਿੰਗ ਦੌਰਾਨ ਘਰੇਲੂ ਹਿੰਸਾ ਐਕਟ ਬਾਰੇ ਵਿੱਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਘਰੇਲੂ ਹਿੰਸਾ ਕਈ ਪ੍ਰਕਾਰ ਦੀ ਹੁੰਦੀ ਹੈ। ਉਨ•ਾਂ ਕਿਹਾ ਕਿ ਇਨ੍ਹਾਂ ਵਿੱਚ ਸਰੀਰਕ ਹਿੰਸਾ ਜਿਸ ਵਿੱਚ ਕੁਟਮਾਰ ਆਦਿ ਕਰਕੇ ਕਿਸੇ ਨੂੰ ਸਰੀਰਕ ਚੋਟ ਪਹੁੰਚਾਉਣੀ, ਜਿਣਸੀ ਸ਼ੋਸ਼ਨ, ਬੱਚਿਆਂ ਦਾ ਸੋਸ਼ਣ, ਜੁਬਾਨੀ ਅਤੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣੀ, ਆਰਥਿਕ ਹਿੰਸਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਘਰੇਲੂ ਹਿੰਸਾ ਦਾ ਪੀੜਤ ਹੈ, ਤਾਂ ਉਹ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਆਪਣਾ ਕੇਸ ਲਗਾ ਸਕਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਪ੍ਰੋਟੈਕਸ਼ਨ ਆਫ ਚਿਲਡਰਨ ਫਾਰ ਸੈਕਸੁਅਲ ਅਫੈਂਸ ਐਕਟ 2012 ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਪੈਰਾ ਲੀਗਲ ਵਲੰਟੀਅਰਾਂ ਨੇ ਆਪਣੇ ਸਵਾਲ ਪੁੱਛੇ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ, ਜਿਸ ਦਾ ਉਨ੍ਹਾਂ ਮੌਕੇ ‘ਤੇ ਹੀ ਹੱਲ ਕਰ ਦਿੱਤਾ। ਇਸ ਦੌਰਾਨ ਪੀ.ਐਲ.ਵੀ ਪਵਨ ਕੁਮਾਰ ਵੀ ਹਾਜ਼ਰ ਸਨ।