ਮਹਾਂਮਾਰੀ ਨੂੰ ਰੋਕਣ ਲਈ ਕਰਫਿਊ ਲਗਾਉਣ ਵਾਲਾ ਪੰਜਾਬ ਪਹਿਲਾ ਸੂਬਾ ਸੀ
ਐਸ ਏ ਐਸ ਨਗਰ, 28 ਜੂਨ ( ਵਿਸ਼ਵ ਵਾਰਤਾ)-“ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਨਿਯਮਿਤ ਅਤੇ ਯੋਜਨਾਬੱਧ ਢੰਗ ਨਾਲ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲੜ ਰਹੀ ਹੈ ਅਤੇ ਇਸ ਦਾ ਧਿਆਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ ਪਾਈ ਜਾ ਸਕੇ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।
ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿਸ ਨੇ ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਕਰਫਿਊ ਲਗਾਇਆ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੇ ਨਤੀਜੇ ਵਜੋਂ ਕਾਫ਼ੀ ਹੱਦ ਤੱਕ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਹੈ ਅਤੇ ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਆਮ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ, ਉਨ੍ਹਾਂ ਨੂੰ ਜ਼ਰੂਰੀ ਚੀਜ਼ਾਂ ਜਿਵੇਂ ਕਿ ਦਵਾਈਆਂ, ਫਲ, ਸਬਜ਼ੀਆਂ, ਦੁੱਧ ਦੀ ਘਰ-ਘਰ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗ ਨਾਲ ਸਬੰਧਤ ਲੋਕਾਂ ਦੀ ਸਥਿਤੀ ਪ੍ਰਤੀ ਦਿਆਲੂ ਦ੍ਰਿਸ਼ਟੀਕੋਣ ਲੈਂਦਿਆਂ, ਆਟਾ, ਚਾਵਲ, ਦਾਲ, ਘਿਓ ਆਦਿ ਵਾਲੇ ਰਾਸ਼ਨ ਅਤੇ ਭੋਜਨ ਪੈਕਟ ਵੰਡੇ ਜਾ ਰਹੇ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਹੁਣ ਤੱਕ ਰਾਜ ਵਿੱਚ ਕੁੱਲ 284431 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 5056 ਪਾਜੇਟਿਵ ਪਾਏ ਗਏ ਹਨ ਜਦੋਂਕਿ ਕੁੱਲ 3320 ਵਿਅਕਤੀ ਠੀਕ ਹੋਏ ਹਨ।
ਸ. ਸਿੱਧੂ ਨੇ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਮੁਹਿੰਮ ਭਵਿੱਖ ਵਿੱਚ ਵੀ ਪੂਰੇ ਜੋਸ਼ ਅਤੇ ਵਚਨਬੱਧਤਾ ਨਾਲ ਜਾਰੀ ਰਹੇਗੀ ਅਤੇ ਇਸ ਮੁਹਿੰਮ ਵਿਚ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਇਹ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਜਲਦੀ ਹੀ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਵਿੱਚ ਜੇਤੂ ਬਣ ਕੇ ਸਾਹਮਣੇ ਆਵੇਗਾ।
—