
ਅੰਮ੍ਰਿਤਸਰ, 23 ਜੁਲਾਈ 2020 (ਵਿਸ਼ਵ ਵਾਰਤਾ)- ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਜ਼ਿਲਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਸਤੰਬਰ 2020ਤੱਕ ਲਾਗੂ ਰਹੇਗਾ।






















