
ਜ਼ਿਲ੍ਹੇ ’ਚ ਅੱਜ ਕੋਈ ਵੀ ਕੇਸ ਪੋਜ਼ੀਟਿਵ ਨਹੀਂ ਆਇਆ ਸਾਹਮਣੇ
ਹੁਸ਼ਿਆਰਪੁਰ, 23 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਅਹਿਤਿਆਤ ਅਪਨਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕੋਈ ਵੀ ਪੋਜ਼ੀਵਿਟ ਕੇਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 22813 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 ’ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ਼੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 24380 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 289 ਸੈਂਪਲ ਲਏ ਗਏ ਹਨ, ਜਦਕਿ 556 ਸੈਂਪਲਾਂ ਦੀ ਰਿਪੋਰਟ ਆਈ ਹੈ ਅਤੇ ਸਾਰੇ ਸੈਂਪਲ ਨੈਗੇਟਿਵ ਪਾਏ ਗਏ। ਉਨ੍ਹਾਂ ਕਿਹਾ ਕਿ 1163 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 43 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ 14 ਪੋਜ਼ੀਟਿਵ ਕੇਸ ਸਾਹਮਣੇ ਆਏ ਸਨ ਜਿਸ ਵਿੱਚ 2 ਪੋਜ਼ੀਟਿਵ ਕੇਸ ਦੂਜੇ ਜ਼ਿਲ੍ਹੇ ਗੁਰਦਾਸਪੁਰ ਅਤੇ ਜਲੰਧਰ ਨਾਲ ਸਬੰਧਤ ਸਨ ਅਤੇ ਇਨ੍ਹਾਂ ਦੋਨਾਂ ਦੀ ਰਿਪੋਰਟ ਉਕਤ ਜ਼ਿਲਿ੍ਹਆਂ ਨੂੰ ਭੇਜ ਦਿੱਤੀ ਗਈ ਹੈ। ਇਸ ਲਈ ਹੁਣ ਮੌਜੂਦਾ ਸਥਿਤੀ ਵਿੱਚ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ ਪੋਜ਼ੀਵਿਟ ਕੇਸਾਂ ਦੀ ਗਿਣਤੀ 390 ਹੈ ਅਤੇ ਐਕਟਿਵ ਕੇਸ 174 ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਬ-ਡਵੀਜਨ ਦਸੂਹਾ ਨਾਲ ਸਬੰਧਤ 61 ਸਾਲਾ ਇਕ ਵਿਅਕਤੀ ਦੀ ਕੋਰੋਨਾ ਦੇ ਚੱਲਦਿਆਂ ਅੰਮ੍ਰਿਤਸਰ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ 13 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ ਲਈ ਕਿਹਾ।






















