
ਖੇਡ ਸਟੇਡੀਅਮ ਬਣਾਉਣ ਲਈ 5 ਲੱਖ ਰੁਪੲੈ ਦੇਣ ਦਾ ਕੀਤਾ ਐਲਾਨ
ਵੱਡੀ ਗਿਣਤੀ ਵਿੱਚ ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ
ਪੰਚਾਇਤਾਂ ਕਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਆਉਣ ਅੱਗੇ
ਅੰਮ੍ਰਿਤਸਰ, 27 ਜੁਲਾਈ (ਵਿਸ਼ਵ ਵਾਰਤਾ)-ਪਿੰਡਾਂ ਦੇ ਵਿਕਾਸ ਲਈ ਹਰੇਕ ਪਿੰਡ ਨੂੰ 35-35 ਲੱਖ ਰੁਪੲੈ ਦਿੱਤੇ ਜਾਣਗੇ ਅਤੇ ਪਿੰਡਾਂ ਨੂੰ ਸਾਰੀਆਂ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਵਾਰਡ ਨੰ: 69 ਅਧੀਨ ਪੈਂਦੇ ਇਲਾਕੇ ਪਿੰਡ ਮੂਲੇਚੱਕ ਨੂੰ ਵਿਕਾਸ ਕਾਰਜਾਂ ਲਈ 11.33 ਲੱਖ ਰੁਪੲੈ ਦਾ ਚੈਕ ਦੇਣ ਸਮੇਂ ਕੀਤਾ।
ਸ੍ਰੀ ਸੋਨੀ ਨੇ ਕਿਹਾ ਕਿ ਪਿੰਡ ਮੂਲੇਚੱਕ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਗਲੀਆਂ-ਨਾਲੀਆਂ,ਸੀਵਰੇਜ, ਸਟਰੀਟ ਲਾਈਟਾਂ ਆਦਿ ਲਗਵਾ ਦਿੱਤੀਆਂ ਗਈਆਂ ਹਨ ਅਤੇ ਪਿੰਡ ਮੂਲੇਚੱਕ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਪਿੰਡ ਮੂਲੇਚੱਕ ਵਿਖੇ ਖੇਡ ਸਟੇਡੀਅਮ ਬਣਾਉਣ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ੍ਰੀ ਰਾਜਪਾਲ ਚੋਪੜਾ ਸਾਬਕਾ ਸਰਪੰਚ ਅਤੇ ਛਿੰਦਾ ਪ੍ਰਧਾਨ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸ੍ਰੀ ਸੋਨੀ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਇਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਤੁਸੀਂ ਵੋਟਾਂ ਜਿੰਨ੍ਹਾਂ ਨੂੰ ਮਰਜੀ ਪਾਓ ਪਰ ਪਿੰਡ ਵਾਸੀਆਂ ਨੂੰ ਮਿਲ ਕੇ ਪਿੰਡ ਦੇ ਵਿਕਾਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ ਉਹ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਰਾਜਪਾਲ ਚੋਪੜਾ ਨੇ ਕਿਹਾ ਕਿ ਉਹ ਕਾਂਰਗਸ ਦੀਆਂ ਵਿਕਾਸਪੱਖੀ ਨੀਤੀਆਂ ਨੂੰ ਵੇਖ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 69 ਵਿੱਚ ਪਾਰਟੀਬਾਜੀ ਤੋਂ ਉਪਰ ਉਠ ਕੇ ਪੂਰੀ ਵਾਰਡ ਦਾ ਵਿਕਾਸ ਕਰਵਾਇਆ ਗਿਆ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਗਿਆ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਦਾ ਫ਼ਰਜ ਵੀ ਬਣਦਾ ਹੈ ਕਿ ਉਹ ਆਪਣੇ ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਕਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਤੇ ਕਾਬੂ ਮਿਲ ਕੇ ਹੀ ਪਾਇਆ ਜਾ ਸਕਦਾ ਹੈ ਅਤੇ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੇਵਜ੍ਹਾ ਘਰੋਂ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਨੂੰ ਠੱਲ ਪਾ ਸਕਦੇ ਹਾਂ। ਸ੍ਰੀ ਸੋਨੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੀਏ।






















