
ਕੋਵਿਡ 19 ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ
ਅੰਮ੍ਰਿਤਸਰ 30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ‘ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਸੇਵਾ ਕੇਂਦਰ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਕੋਵਿਡ 19 ਦੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।






















