ਪ੍ਰਾਜੈਕਟ ਨੇ ਪੇਂਡੂ ਖੇਤਰਾਂ ਵਿੱਚ ਮਨਰੇਗਾ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ
ਸਫਾਈ ਤੋਂ ਬਾਅਦ ਛੱਪੜਾਂ ਨੂੰ ਬਰਸਾਤੀ ਪਾਣੀ ਦੀ ਸੰਭਾਲ, ਮੱਛੀ ਪਾਲਣ ਅਤੇ ਖੇਤੀਬਾੜੀ ਉਦੇਸ਼ਾਂ ਦੇ ਲਈ ਕੀਤਾ ਜਾਵੇਗਾ ਇਸਤੇਮਾਲ
ਕਪੂਰਥਲਾ , 3 ਅਗਸਤ( ਵਿਸ਼ਵ ਵਾਰਤਾ )-ਪੇਂਡੂ ਖੇਤਰਾਂ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਕੋਰੋਨਾ ਸੰਕਟ ਕਾਰਨ ਬੇਰੁਜ਼ਗਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਘਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 2 ਕਰੋੜ 88 ਲੱਖ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿੱਚ 258 ਪੇਂਡੂ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ।
ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ ਪੀ ਆਂਗਰਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਮਈ ਮਹੀਨੇ ਵਿੱਚ ਇੱਕ ਸਫਾਈ ਮੁਹਿੰਮ ਚਲਾਈ ਗਈ ਸੀ, ਜੋ ਕਿ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਈ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੇਂਡੂ ਖੇਤਰਾਂ ਦੇ ਬੇਰੁਜ਼ਗਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਕਿਉਂਕਿ ਮੁਹਿੰਮ ਦੇ ਤਹਿਤ ਲੋਕਾਂ ਨੂੰ ਮਗਨਰੇਗਾ ਤਹਿਤ ਕੰਮ ਦਿੱਤਾ ਗਿਆ ਜੋ ਕਿ ਇਸ ਸੰਕਟ ਦੀ ਘੜੀ ਵਿੱਚ ਇੱਕ ਰਾਹਤ ਕਦਮ ਸੀ।
ਏਡੀਸੀ ਨੇ ਅੱਗੇ ਦੱਸਿਆ ਕਿ ਮਾਨਸੂਨ ਸੀਜਨ ਤੋਂ ਪਹਿਲਾ-ਪਹਿਲਾ ਛੱਪੜਾਂ ਦੀ ਡੀ. ਵਾਟਰਿੰਗ ਅਤੇ ਡੀ. ਸਿਲਟਿੰਗ ਦਾ ਕੰਮ ਪੂਰਾ ਕਰਵਾਇਆ ਗਿਆ ਤਾਂ ਕਿ ਬਰਸਾਤੀ ਪਾਣੀ ਨੂੰ ਸੰਭਾਲ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰਿਚਾਰਜ ਕਰਨ ਦੇ ਕੰਮ ਵਿੱਚ ਮਦਦ ਮਿਲ ਸਕੇ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਤੋਂ ਇਲਾਵਾ, ਇਨ੍ਹਾਂ ਛੱਪੜਾਂ ਦੀ ਵਰਤੋਂ ਮੱਛੀ ਪਾਲਣ ਅਤੇ ਖੇਤੀਬਾੜੀ ਉਦੇਸ਼ਾਂ ਦੀ ਪੂਰਤੀ ਦੇ ਲਈ ਵੀ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਕੇ ਇਨ੍ਹਾਂ ਦੀ ਸਫਾਈ ਕਰਵਾਉਣੀ ਲਾਜ਼ਮੀ ਸੀ।
ਡੀਡੀਪੀਓ ਕਪੂਰਥਲਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਪੂਰਥਲਾ ਬਲਾਕ ਦੇ 68, ਢਿਲਵਾਂ ਦੇ 55, ਫਗਵਾੜਾ ਦੇ 32, ਨਡਾਲਾ ਦੇ 37 ਤੇ ਸੁਲਤਾਨਪੁਰ ਲੋਧੀ ਦੇ 66 ਪਿੰਡਾਂ ਵਿਚ ਛੱਪੜਾਂ ਦੀ ਸਫਾਈ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫਾਈ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ ਨਾਲ ਪੰਚਾਇਤਾਂ, ਮਨਰੇਗਾ ਤਹਿਤ ਕਿਰਤੀਆਂ ਵਲੋਂ ਵੱਡਾ ਹਿੱਸਾ ਪਾਇਆ ਗਿਆ ।