ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਠਿੰਡਾ ਜ਼ਿਲੇ ਦੇ ਜੇਤੂਆਂ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਵਧਾਈ
ਬਠਿੰਡਾ, 10 ਅਗਸਤ (ਕੁਲਬੀਰ ਬੀਰਾ) : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ‘ਤੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਬਠਿੰਡਾ ਜ਼ਿਲੇ ਵਿੱਚੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਵਿੱਚ ਅੱਵਲ ਰਹਿਣ ‘ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਉਨਾਂ ਜੇਤੂਆਂ ਨੂੰ ਭਵਿੱਖ ਵਿੱਚ ਹੋਰ ਤਰੱਕੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਲੋੜ ਪੈਣ ‘ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਮੰਤਰੀ ਪੰਜਾਬ ਸ਼੍ਰੀ ਸਿੰਗਲਾ ਨੇ ਕਿਹਾ ਕਿ ਬਠਿੰਡਾ ਜ਼ਿਲੇ ਵਿੱਚੋਂ ਵਿੱਚੋਂ ਇਸ ਮੁਕਾਬਲੇ ਲਈ 4,956 ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।
ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਦਿੱਲੀ ਪਬਲਿਕ ਸਕੂਲ ਵਿੱਚ ਛੇਵੀਂ ਕਲਾਸ ਵਿੱਚ ਪੜਦੇ ਵਿਹਾਨ ਗੁਲਾਟੀ ਨੇ ਪਹਿਲਾ ਸਥਾਨ ਹਾਸਲ ਕਰਕੇ ਐਪਲ ਦੀ ਆਈਪੈਡ ਜਿੱਤੀ ਹੈ ਜਦਕਿ ਸੇਂਟ ਜੋਸਫ਼ਜ਼ ਕਾਨਵੈਂਟ ਸਕੂਲ ਵਿੱਚ ਦੂਸਰੀ ਕਲਾਸ ਵਿੱਚ ਪੜਦੀ ਵੰਸ਼ਿਕਾ ਨੇ ਦੂਸਰਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਹੈ। ਇਸਦੇ ਨਾਲ ਹੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ ਦੀ 12ਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਤੀਸਰੇ ਸਥਾਨ ‘ਤੇ ਰਹਿ ਕੇ ਐਂਡਰੋਇਡ ਟੈਬਲੇਟ ਜਿੱਤੀ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਲਈ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ‘ਅੰਬੈਸਡਰਜ਼ ਆਫ਼ ਹੋਪ’ ਨਾਂ ਦਾ ਆਨਲਾਇਨ ਮੁਕਾਬਲਾ ਚਲਾਇਆ ਗਿਆ ਸੀ ਜਿਸ ਨੂੰ ਪੰਜਾਬ ਭਰ ਵਿੱਚੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਤਰਾਂ ਦੇ ਇਸ ਪਹਿਲੇ ਮੁਕਾਬਲੇ ਵਿੱਚ ਸਿਰਫ਼ ਅੱਠ ਦਿਨਾਂ ਵਿੱਚ ਸੂਬੇ ਵਿੱਚੋਂ 1 ਲੱਖ ਪੰਜ ਹਜ਼ਾਰ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਕੇ ਇਸਨੂੰ ਵਿਸ਼ਵ ਰਿਕਾਰਡ ਬਣਾ ਦਿੱਤਾ ਸੀ। ਹੁਣ ਸ਼੍ਰੀ ਸਿੰਗਲਾ ਵੱਲੋਂ ਇਸ ਮੁਕਾਬਲੇ ਵਿੱਚ ਹਰ ਜ਼ਿਲੇ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਬਠਿੰਡਾ ਜ਼ਿਲੇ ਵਿੱਚੋਂ ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਹਾਨ ਗੁਲਾਟੀ ਦੇ ਮਾਪਿਆਂ ਨੇ ਦੱਸਿਆ ਕਿ ਉਹ ਪੜਾਈ ਦੇ ਨਾਲ-ਨਾਲ ਹੋਰਨਾਂ ਰਚਨਾਤਮਕ ਗਤੀਵਿਧੀਆਂ ਵਿੱਚ ਬਹੁਤ ਸ਼ੌਕ ਨਾਲ ਹਿੱਸਾ ਲੈਂਦਾ ਹੈ ਅਤੇ ਇਸੇ ਸ਼ੌਕ ਸਦਕਾ ਉਸਨੇ ਇਹ ਮੁਕਾਬਲਾ ਜਿੱਤਿਆ ਹੈ।
ਦੂਸਰੇ ਸਥਾਨ ‘ਤੇ ਰਹਿਣ ਵਾਲੀ ਵੰਸ਼ਿਕਾ ਦੇ ਮਾਤਾ-ਪਿਤਾ ਨੇ ਕਿਹਾ ਕਿ ਉਮਰ ਛੋਟੀ ਹੋਣ ਦੇ ਬਾਵਜੂਦ ਉਨਾਂ ਦੀ ਧੀ ਨੇ ਕੋਰੋਨਾਵਾਇਰਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਦੀ ਸਕਿੱਟ ਪੇਸ਼ ਕਰਕੇ ਸਭ ਦੀ ਵਾਹੋ-ਵਾਹੀ ਖੱਟੀ ਹੈ। ਉਨਾਂ ਕਿਹਾ ਕਿ ਉਹ ਲੌਕਡਾਊਨ ਵਿੱਚ ਅਜਿਹਾ ਮਕਾਬਲਾ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਵੀ ਕਰਦੇ ਹਨ।
ਇਸੇ ਤਰਾਂ ਤੀਸਰੇ ਸਥਾਨ ‘ਤੇ ਰਹਿਣ ਵਾਲੀ ਮਨਦੀਪ ਕੌਰ ਤੇ ਉਸਦੇ ਮਾਪਿਆਂ ਨੇ ਦੱਸਿਆ ਕਿ ਉਨਾਂ ਦੀ ਧੀ ਸਾਧਾਰਨ ਪਰਿਵਾਰ ਵਿੱਚੋਂ ਆਉਣ ‘ਤੇ ਵੀ ਮੁਕਾਬਲੇ ਵਿੱਚ ਤੀਸਰੇ ਸਥਾਨ ‘ਤੇ ਰਹੀ ਹੈ ਜਿਸ ਵਿੱਚ ਉਸਦੇ ਅਧਿਆਪਕਾਂ ਦਾ ਬਹੁਤ ਵੱਡਾ ਸਹਿਯੋਗ ਰਿਹਾ ਹੈ।