ਦਿੱਲੀ 4 ਸਤੰਬਰ ( ਵਿਸ਼ਵ ਵਾਰਤਾ )- ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਕੱਟ ਰਹੇ ਸੱਜਣ ਕੁਮਾਰ ਨੂੰ ਜ਼ਮਾਨਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਬਿਮਾਰੀ ਅਤੇ ਵਧਦੀ ਉਮਰ ਕਾਰਨ ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਅਜਿਹੇ ਵਿੱਚ ਜ਼ਮਾਨਤ ਦਿੱਤੀ ਜਾਏ। ਪਰ ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ।
ਸੁਣਵਾਈ ਦੌਰਾਨ ਟਿੱਪਣੀ ਕਰਦਿਆਂ ਚੀਫ ਜਸਟਿਸ ਐਸ. ਏ. ਬੌਬਡੇ ਨੇ ਕਿਹਾ ਕਿ ਤੁਹਾਡੀ ਡਾਕਟਰੀ ਰਿਪੋਰਟ ਕਹਿੰਦੀ ਹੈ ਕਿ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ, ਅਜਿਹੀ ਸਥਿਤੀ ਵਿੱਚ ਅਸੀਂ ਰਿਹਾਈ ਨੂੰ ਮਨਜ਼ੂਰੀ ਨਹੀਂ ਦੇ ਸਕਦੇ। ਇਸ ਨਾਲ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।