ਦਾ ਪੈਸਾ ਹਾਈ ਕਮਾਂਡ ਨੂੰ ਵੀ ਮਿਲਿਆ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਕਾਲੀ ਦਲ ਸੂਬੇ ਵਿਚ ਸੱਤਾ ਵਿਚ ਆਉਣ ਤੋਂ ਬਾਅਦ ਘੁਟਾਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਵੇਗਾ
ਜਲਾਲਾਬਾਦ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ
ਫਾਜ਼ਿਲਕਾ, 9 ਸਤੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਸ ਸੀ ਸਕਾਲਰਸ਼ਿਪ ਘੁਟਾਲੇ ਵਿਚ ਕੋਈ ਕਾਰਵਾਈ ਇਸ ਕਰ ਕੇ ਨਹੀਂ ਕਰ ਰਹੇ ਕਿ ਇਸ ਗੁਨਾਹ ਦਾ ਪੈਸਾ ਕਾਂਗਰਸ ਹਾਈ ਕਮਾਂਡ ਨੂੰ ਵੀ ਮਿਲਿਆ ਹੈ ਅਤੇ ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਇਸ ਘੁਟਾਲੇ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਜਾਣਗੇ।
ਜਲਾਲਾਬਾਦ ਅਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਨ ਵੇਲੇ ਪਿੰਡ ਘੁੜਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਡੀਸ਼ਨਲ ਚੀਫ ਸੈਕਟਰੀ ਨੇ ਨਾ ਸਿਰਫ ਇਹ ਦੱਸਿਆ ਹੈ ਕਿ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਲਈ ਆਏ 63 ਕਰੋੜ ਰੁਪਏ ਦਾ ਘੁਟਾਲਾ ਕੀਤਾ ਬਲਕਿ ਪ੍ਰਦੇਸ਼ ਕਾਂਗਰਸ ਅਤੇ ਕਾਂਗਰਸ ਹਾਈ ਕਮਾਂਡ ਦੀ ਘੁਟਾਲੇ ਵਿਚ ਭੂਮਿਕਾ ਨੂੰ ਵੀ ਬੇਨਕਾਬ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਐਸ ਸੀ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਪਿਛਲੇ ਸਾਲ ਹੋਈ ਜ਼ਿਮਨੀ ਚੋਣ ਵੇਲੇ ਫਗਵਾੜਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਗਈ ਤੇ ਅਜਿਹਾ 19.61 ਕਰੋੜ ਰੁਪਏ ਅਯੋਗ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਦੇਣ ਦੀ ਪ੍ਰਵਾਨਗੀ ਦੇਣ ਦੇ ਕੁਝ ਹੀ ਦਿਨਾਂ ਅੰਦਰ ਹੋਇਆ। ਉਹਨਾਂ ਕਿਹਾ ਕਿ ਸ਼ਾਇਦ ਇਹੀ ਕਾਰਨ ਹੈ ਕਿ ਇਕ ਨਕਲੀ ਜਾਂਚ ਰਾਹੀਂ ਮੁੱਖ ਮੰਤਰੀ ਘੁਟਾਲੇ ’ਤੇ ਪਰਦਾ ਪਾਉਣਾ ਚਾਹੁੰਦੇ ਹਨ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੇਸ ਦੀ ਮੁੱਖ ਸਕੱਤਰ ਪੱਧਰ ਦੀ ਐਲਾਨੀ ਜਾਂਚ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਜਦੋਂ ਐਸ ਸੀ ਭਲਾਈ ਵਿਭਾਗ ਦੀ ਅਗਵਾਈ ਕਰ ਰਹੇ ਇਕ ਬਰਾਬਰ ਦੇ ਸੀਨੀਅਰ ਅਧਿਕਾਰੀ ਨੇ ਸਾਧੂ ਸਿੰਘ ਧਰਮਸੋਤ ਅਤੇ ਬਲਵਿੰਦਰ ਧਾਲੀਵਾਲ ਨੂੰ ਮੁਜਰਮ ਠਹਿਰਾਇਆ ਹੈ ਤਾਂ ਫਿਰ ਇਸ ਜਾਂਚ ਦੀ ਕੋਈ ਤੁੱਕ ਨਹੀਂ ਬਣਦੀ। ਉਹਨਾਂ ਕਿਹਾ ਕਿ ਸੀ ਬੀ ਆਈ ਜਾਂਚ ਦੇ ਨਾਲ ਨਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਹੀ ਇਸ ਕੇਸ ਵਿਚ ਪੈਸਾ ਕਿਸ ਕਿਸ ਕੋਲ ਗਿਆ, ਇਸਦਾ ਸੱਚ ਸਾਹਮਣੇ ਲਿਆ ਸਕਦੀ ਹੈ।
ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿਚ ਹਾਈ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਗੁੰਡਾ ਟੈਕਸ ਵਸੂਲਣ ਦੀ ਸੀ ਬੀ ਆਈ ਜਾਂਚ ਦਾ ਵਿਰੋਧ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਬਚਾਉਣ ਲਈ ਕਿਵੇਂ ਪੱਬਾਂ ਭਾਰ ਹੈ। ਉਹਨਾਂ ਕਿਹਾ ਕਿ ਸਰਕਾਰ ਜਾਣਦੀ ਹੈ ਕਿ ਸੀ ਬੀ ਆਈ ਜਾਂਚ ਦੇ ਨਾਲ ਕਾਂਗਰਸੀਆਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਬੇਨਕਾਬ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸੇ ਲਈ ਸਰਕਾਰ ਇਕ ਨਿਆਂਇਕ ਅਫਸਰ ਵੱਲੋਂ ਦੱਸੀ ਜਾਂਚ ਦਾ ਵਿਰੋਧ ਕਰ ਰਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਕਾਂਗਰਸ ਦੇ ਰਾਜ ਵਿਚ ਦੁਖੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਿਵੇਂ ਸਰਕਾਰ ਨਾਂ ਦੀ ਕੋਈ ਚੀਜ਼ ਨਾ ਹੋਵੇ ਤੇ ਅਜਿਹਾ ਇਸ ਕਰ ਕੇ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਵਿਚ ਬੈਠੇ ਹਨ ਤੇ ਉਹਨਾਂ ਨੇ ਲੋਕਾਂ ਨੂੰ ਆਪਣੇ ਸਿਰ ’ਤੇ ਮਰਨ ਵਾਸਤ ਛੱਡ ਦਿੱਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਜਲਾਲਾਬਾਦ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ । ਉਹਨਾਂ ਕਿਹਾ ਕਿਾਾ ਹਜ਼ਾਰਾਂ ਏਕੜ ਰਕਬੇ ਵਿਚ ਫਸਲ ਤਬਾਹ ਹੋ ਗਈ ਹੈ ਪਰ ਕਾਂਗਰਸ ਸਰਕਾਰ ਨੂੰ ਕੋਈ ਫਰਕ ਨਹੀਂ ਪਿਆ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤ ਸੁਣਨ ਵਾਸਤੇ ਕਿਸੇ ਅਫਸਰ ਦੀ ਡਿਊਟੀ ਨਹੀਂ ਲਗਾਈ ਗਈ। ਉਹਨਾਂ ਕਿਹਾ ਕਿ ਇਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਪ੍ਰਭਾਵਤ ਖੇਤਰਾਂ ਤੋਂ ਪਾਣੀ ਕੱਢਣ ਲਈ ਪਾਈਪਾਂ ਪਾਉਣ ਲਈ ਕੋਈ ਯਤਨ ਨਹੀਂ ਕੀਤਾ ਗਿਆ।
ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਭਾਜਪਾ ਵਿਧਾਇਕ ਅਰੁਣ ਨਾਗਪਾਲ, ਗੁਰਪਾਲ ਗਰੇਵਾਲ, ਪ੍ਰਕਾਸ਼ ਭੱਟੀ, ਗੁਰਤੇਜ ਘੁੜਿਆਣਾ ਅਤੇ ਸਤਿੰਦਰਜੀਤ ਸਿੰਘ ਮੰਟਾ ਵੀ ਹਾਜ਼ਰ ਸਨ।