ਰੋਜ਼ਗਾਰ ਮੇਲਿਆਂ ਵਿੱਚ 39 ਕੰਪਨੀਆਂ ਨੇ ਕੀਤੀ ਸ਼ਿਰਕਤ, 831 ਨੌਜਵਾਨਾਂ ਨੇ ਲਿਆ ਹਿੱਸਾ
ਜਲੰਧਰ, 16 ਸਤੰਬਰ (ਵਿਸ਼ਵ ਵਾਰਤਾ)-ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਤੇ ਬੀਡੀਪੀਓ ਦਫ਼ਤਰ ਨੂਰਮਹਿਲ ਵਿਖੇ ਬੁੱਧਵਾਰ ਨੂੰ ਦੋ ਰੋਜ਼ਗਾਰ ਮੇਲੇ ਲਗਾਏ ਗਏ, ਜੋ ਕਿ 6ਵੇਂ ਮੈਗਾ ਜਾਬ ਫੇਅਰ ਤਹਿਤ ਆਯੋਜਿਤ ਕੀਤੇ ਗਏ ਸਨ। ਇਨ੍ਹਾਂ ਦੋਵੇਂ ਰੋਜ਼ਗਾਰ ਮੇਲਿਆਂ ਵਿੱਚ 656 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣਿਆ ਗਿਆ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ 831 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਕੁੰਦੀ ਹੈਂਡ ਟੂਲਜ਼, ਰਾਕਮੈਨ ਪ੍ਰਾਈਵੇਟ ਲਿਮਟਿਡ, ਟਾਟਾ ਸਕਾਈ, ਵਰਧਮਾਨ ਇੰਡਸਟਰੀ, ਏਅਰਟੈੱਲ, ਅਕਾਲ ਆਈ ਹਸਪਤਾਲ ਵਰਗੀਆਂ 39 ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਮੇਲੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਲੋਹੀਆਂ ਖਾਸ ਅਤੇ 18 ਸਤੰਬਰ ਨੂੰ ਡੀਬੀਈਈ ਜਲੰਧਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਲਗਾਤਾਰ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਤੱਕ ਘਰ-ਘਰ ਰੋਜ਼ਗਾਰ ਮਿਸ਼ਨ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100‘ਤੇ ਵੀ ਸੰਪਰਕ ਕਰ ਸਕਦੇ ਹਨ।