ਯੁਵਕ ਸੇਵਾਵਾਂ ਵਿਭਾਗ ਵੱਲੋਂ ਕੋਵਿਡ ਖ਼ਿਲਾਫ਼ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ: ਡਾ. ਮਲਕੀਤ ਮਾਨ
ਪਟਿਆਲਾ, 17 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ‘ਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਚ ਯੁਵਕ ਸੇਵਾਵਾਂ ਵਿਭਾਗ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਆਮ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕਰਦੇ ਪੈਫਲੈਟ ਜਾਰੀ ਕੀਤੇ ਗਏ, ਜਿਨ੍ਹਾਂ ਨਾਲ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਾਂ ਵੱਲੋਂ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸ. ਜਗਨੂਰ ਸਿੰਘ ਪੀ.ਸੀ.ਐਸ. ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਚਾਰ ਸਮਗਰੀ ਰਾਹੀਂ ਵਲੰਟੀਅਰ, ਲੋਕਾਂ ਨੂੰ ਮਾਸਕ ਪਾਉਣ ਦੇ ਸਹੀ ਢੰਗ ਬਾਰੇ, ਹੱਥ ਦੀ ਸਫ਼ਾਈ ਸਬੰਧੀ, ਘਰੇਲੂ ਇਕਾਂਤਵਾਸ ਦੌਰਾਨ ਧਿਆਨ ਰੱਖਣਯੋਗ ਗੱਲਾਂ ਬਾਰੇ ਅਤੇ ਕੋਰੋਨਾ ਤੋਂ ਬਚਾਅ ਲਈ ਹੋਰ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਕੋਵਿਡ ‘ਤੇ ਜਿੱਤ ਜਾਗਰੂਕਤਾ ਨਾਲ ਹੀ ਪਾਈ ਜਾ ਸਕਦੀ ਹੈ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਕੇ ਇਸ ਔਖੀ ਘੜੀ ‘ਚ ਲੋਕਾਂ ਨੂੰ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਹਦਾਇਤਾਂ ‘ਤੇ ਪੇਂਡੂ ਯੂਥ ਕਲੱਬਾਂ, ਐਨ.ਐਸ.ਐਸ ਵਲੰਟੀਅਰਾਂ ਅਤੇ ਰੈਂਡ ਰੀਬਨ ਕਲੱਬਾਂ ਅਤੇ ਹੋਰ ਸਮਾਜ ਸੇਵੀਆਂ ਦੀ ਮਦਦ ਨਾਲ ਆਮ ਲੋਕਾਂ ਤੱਕ ਘਰ-ਘਰ ਜਾ ਕੇ ਇਨ੍ਹਾਂ ਪੈਫਲੈਟਾਂ/ਪੋਸਟਰਾਂ ਵਿੱਚ ਦਿੱਤੀਆਂ ਹਦਾਇਤਾਂ ਅਨੁਸਾਰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਟਸਐਪ ਅਤੇ ਵੀਡੀੳ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮਾਸਕਾਂ ਦੀ ਵੀ ਵੰਡ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੇਂਡੂ ਯੂਥ ਕਲੱਬਾਂ, ਐਨ.ਐਸ.ਐਸ ਵਲੰਟੀਅਰਾਂ, ਰੈਡ ਰੀਬਨ ਕਲੱਬਾਂ, ਸਮਾਜ ਸੇਵੀਆਂ ਅਤੇ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕੋਵਿਡ-19 ਤੋਂ ਬਚਾਅ ਲਈ ਆਮ ਲੋਕਾਂ ‘ਚ 15,000 ਤੋਂ ਵੱਧ ਪੋਸਟਰ/ਪੈਫਲੈਟ ਅਤੇ 20,000 ਤੋਂ ਵੱਧ ਮਾਸਕ ਵੀ ਵੰਡੇ ਗਏ ਹਨ।