ਸਵੈ ਰੋਜ਼ਗਾਰ ਸਕੀਮ ਅਧੀਨ 1300 ਲੱਖ ਦੇ ਕਰਜ਼ ਮਨਜ਼ੂਰ
ਕਪੂਰਥਲਾ 22 ਸਤੰਬਰ 2020 (ਵਿਸ਼ਵ ਵਾਰਤਾ)-ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ 150 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਇੰਜੀਨੀਅਰ ਸ੍ਰੀ ਮੋਹਨ ਲਾਲ ਸੂਦ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ 10 ਹਜ਼ਾਰ ਰੁਪਏ ਦੀ ਸਬਸਿਡੀ ਦਾ ਹੁਣ ਤੱਕ 1500 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 1300 ਲੱਖ ਦੇ ਕਰਜ਼ੇ ਮਨਜ਼ੂਰ ਕਰਕੇ ਸਵੈ ਰੋਜ਼ਗਾਰ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਸ੍ਰੀ ਸੂਦ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪਿਛਲੇ 6 ਮਹੀਨੇ ਦਾ ਵਿਆਜ ਜੋ ਕਿ 86 ਲੱਖ ਰੁਪਏ ਬਣਦਾ ਹੈ ਦੀ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਸਰਕਾਰ ਵਲੋਂ ਇਸ ਦੀ ਜਲਦੀ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਜਾਤੀ ਦੇ ਅੰਗਹੀਣ ਵਿਅਕਤੀ ਨੂੰ 6 ਪ੍ਰਤੀਸ਼ਤ ਦੀ ਵਿਆਜ ਦਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ।
ਸ੍ਰੀ ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂੰ ਕਰਵਾਉਣ ਤਾਂ ਜੋ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲੋਕ ਲਾਭ ਉਠਾ ਕੇ ਪੰਜਾਬ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਇਸ ਮੌਕੇ ਜਸਦੇਵ ਸਿੰਘ ਜਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਮਹਿੰਦਰਪਾਲ ਸਿੰਘ ਏ ਡੀ ਐਮ ਐਸ ਸੀ ਕਾਰਪੋਰੇਸ਼ਨ ਕਪੂਰਥਲਾ, ਨਰਿੰਦਰ ਲਾਲ ਐਸ ਸੀ ਕਾਰਪੋਰੇਸ਼ਨ ਕਪੂਰਥਲਾ ਹਾਜਰ ਸਨ ।























