ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਹੋਵੇਗੀ ਕਟਾਈ
ਐਸ ਐਮ ਐਸ ਵਾਲੀਆਂ ਕੰਬਾਈਨਾਂ ਹੀ ਵਰਤਣ ਕਿਸਾਨ
ਕਪੂਰਥਲਾ, 23 ਸਤੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਦੀ ਹੱਦ ਅੰਦਰ ਦਫਾ 144 ਅਧੀਨ ਝੋਨੇ ਦੀ ਕਟਾਈ ਲਈ ਕੰਬਾਈਨਾਂ ਦੇ ਚੱਲਣ ਦਾ ਸਮਾਂ ਨਿਰਧਾਰਤ ਕਰ ਦਿੱਤਾ ਹੈ । ਉਹਨਾਂ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸਥਾਨ ਤੇ ਕਿਸੇ ਵੀ ਹਾਲਤ ਵਿੱਚ ਕੰਬਾਈਨ ਮਾਲਕਾਂ ਵੱਲੋਂ ਝੋਨੇ ਦੀ ਕਟਾਈ ਸਵੇਰ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੀਤੀ ਜਾਵੇ।
ਉਹਨਾਂ ਦੱਸਿਆ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਦਾ ਕੰਮ ਕੰਬਾਈਨਾਂ ਨਾਲ ਕੀਤਾ ਜਾਂਦਾ ਹੈ ਅਤੇ ਕੰਬਾਇਨ ਮਾਲਿਕ ਕਿਸਾਨਾਂ ਨੂੰ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ ਅਤੇ ਕਿਸਾਨਾਂ ਨੂੰ ਜਦ ਵੀ ਕੰਬਾਇਨ ਉਪਲਭਧ ਹੁੰਦੀ ਹੈ ਤਾਂ ਉਹ ਫਸਲ ਦੀ ਕਟਾਈ ਕਰਵਾ ਲੈਦੇ ਹਨ ਨਤੀਜੇ ਵਜੋਂ ਕਿਸਾਨਾਂ ਵੱਲੋਂ ਅਣ ਪੱਕਿਆ ਅਤੇ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ ।
ਉਨ੍ਹਾਂ ਕਿਹਾ ਕਿ ਅਜਿਹੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ ਕਰਦੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਕਰਣ ਸਮੇਂ ਔਕੜ ਪੇਸ਼ ਆਉਦੀ ਹੈ ।
ਡਿਪਟੀ ਕਮਿਸ਼ਨਰ ਵੱਲੋਂ ਦਫਾ 144 ਅਧੀਨ ਜਿਲੇ ਅੰਦਰ ਫਸਲਾਂ ਦੀ ਰਹਿੰਦ ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ।ਉਹਨਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ ਐਮ ਐਸ ਵਾਲੀ ਕੰਬਾਇਨ ਨਾਲ ਹੀ ਕਰਨ ਅਤੇ ਪਰਾਲੀ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਜਮੀਨ ਵਿੱਚ ਮਿਲਾ ਕੇ ਧਰਤੀ ਦੀ ਸਿਹਤ ਸੁਧਾਰਨ ਲਈ ਕਿਹਾ।
ਮੁੱਖ ਖੇਤੀਬਾੜੀ ਅਫਸਰ ਡਾ.ਨਾਜਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਨੂੰ ਪੂਰੀ ਤਰਾਂ ਪਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ।ਉਹਨਾਂ ਕਿਹਾ ਕਿ ਝੋਨੇ ਲਈ ਨਮੀ ਦੀ ਨਿਰਧਾਰਤ ਦਰ 17 % ਹੈ ਇਸ ਲਈ ਗਿੱਲਾ ਝੋਨਾ ਲਿਆਉਣ ਤੋਂ ਗੁਰੇਜ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਆਉਣ ਸਮੇਂ ਕੋਵਿੰਡ ਦੀਆ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।























