AAP ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਕ ਸੰਵੇਦਨਸ਼ੀਲ ਅਗਵਾ ਮਾਮਲੇ ਨੂੰ ਤੇਜ਼ੀ ਨਾਲ ਹੱਲ ਕਰਨ, ਇੱਕ ਬੱਚੇ ਦੀ ਸੁਰੱਖਿਅਤ ਬਰਾਮਦਗੀ ਨੂੰ ਯਕੀਨੀ ਬਣਾਉਣ ਅਤੇ ਇਨਸਾਫ਼ ਦਿਵਾਉਣ ਵਿੱਚ ਮਿਸਾਲੀ ਯਤਨਾਂ ਦੀ ਸ਼ਲਾਘਾ ਕੀਤੀ। ਨੀਲ ਗਰਗ ਨੇ ਵਿਸ਼ੇਸ਼ ਤੌਰ ‘ਤੇ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਖੰਨਾ ਜੋਤੀ ਯਾਦਵ, ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ ਅਤੇ ਉਨ੍ਹਾਂ ਦੀਆਂ ਸਬੰਧਤ ਟੀਮਾਂ ਦੇ ਯੋਗਦਾਨ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਸ਼ਲਾਘਾ ਕੀਤੀ।
ਨੀਲ ਗਰਗ ਨੇ ਕਿਹਾ”ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਬੱਚੇ ਨੂੰ ਛੁਡਾਉਣ ਅਤੇ ਅਗਵਾਕਾਰਾਂ ਨੂੰ ਫੜਨ ਲਈ ਸਮਝਦਾਰੀ ਅਤੇ ਬਹਾਦਰੀ ਨਾਲ ਕੰਮ ਕੀਤਾ, ਉਹ ਸ਼ਲਾਘਾਯੋਗ ਹੈ। ਅਗਵਾਕਾਰਾਂ ਵਿੱਚੋਂ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ, ਅਤੇ ਪੁਲਿਸ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਨਤਾ ਦੀ ਹੱਕਦਾਰ ਹੈ,”।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਪਰਾਧੀਆਂ ਵਿਰੁੱਧ ‘ਆਪ’ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ “ਚਾਹੇ ਉਹ ਗੈਂਗਸਟਰ ਹੋਣ, ਨਸ਼ਾ ਤਸਕਰ ਹੋਣ ਜਾਂ ਅਗਵਾਕਾਰ, ਉਨ੍ਹਾਂ ਦੀ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਨੂੰ ਜਾਂ ਤਾਂ ਆਪਣੀਆਂ ਗਤੀਵਿਧੀਆਂ ਬੰਦ ਕਰਨੀਆਂ ਚਾਹੀਦੀਆਂ ਹਨ, ਪੰਜਾਬ ਛੱਡਣਾ ਚਾਹੀਦਾ ਹੈ, ਜਾਂ ਫਿਰ ਸਲਾਖਾਂ ਪਿੱਛੇ ਨਤੀਜੇ ਭੁਗਤਣੇ ਚਾਹੀਦੇ ਹਨ,”।
ਨੀਲ ਗਰਗ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬੀਆਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ, ਅਤੇ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ।”