AAP ਆਗੂ ਲੱਕੀ ਓਬਰਾਏ ਕਤਲ ਕੇਸ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 7 ਫਰਵਰੀ 2026 (ਵਿਸ਼ਵ ਵਾਰਤਾ): ਜਲੰਧਰ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਕੋਲੋਂ .30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਮਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਲੱਕੀ ਓਬਰਾਏ ਦਾ ਨੌਕਰ ਸੀ। ਵਾਰਦਾਤ ਦੌਰਾਨ ਸਕੂਟੀ ਇਸੇ ਨੇ ਹੀ ਚਲਾਈ ਸੀ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ DIG ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁਲਜ਼ਮ ਸ਼ਮਿੰਦਰ ਸਿੰਘ ਜਲੰਧਰ ਦੇ ਮਿੱਠਾਪੁਰ ਦਾ ਰਹਿਣ ਵਾਲਾ ਹੈ। ਉਹ ਪਹਿਲਾਂ ਵੀ ਕਈ ਅਪਰਾਧਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਮੁਲਜ਼ਮ ਚਿੱਟੇ ਰੰਗ ਦੇ ਐਕਟਿਵਾ ‘ਤੇ ਕਤਲ ਕਰਨ ਆਏ ਸਨ। ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰਕੇ ਖਾਸਾ ਖੇਤਰ ਵਿੱਚ ਨਾਕੇ ਲਗਾ ਕੇ ਉਸ ਨੂੰ ਫੜਨ ਦੀ ਰਣਨੀਤੀ ਬਣਾਈ। ਅੰਮ੍ਰਿਤਸਰ ਦਿਹਾਤੀ (Rural) ਦੇ SSP ਸੁਹੈਲ ਕਾਸਿਮ ਮੀਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਮੁਲਜ਼ਮ ਨੂੰ ਬਾਈਕ ‘ਤੇ ਆਉਂਦੇ ਦੇਖਿਆ ਗਿਆ। ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਘਬਰਾ ਗਿਆ ਅਤੇ ਡਿੱਗ ਪਿਆ। ਇਸ ਤੋਂ ਬਾਅਦ ਉਸ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਜਲੰਧਰ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਬਾਹਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਹਮਲਾਵਰ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਸਨ। ਫਿਲਹਾਲ ਗੋਲੀ ਚਲਾਉਣ ਵਾਲਾ ਸ਼ੂਟਰ ਅਜੇ ਫਰਾਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























