26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’
ਅੰਮ੍ਰਿਤਸਰ, 23 ਨਵੰਬਰ (ਵਿਸ਼ਵ ਵਾਰਤਾ): ਅੱਜ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਲੀਡਰਸ਼ਿਪ ਵੱਲੋਂ ਖੁਸ਼ਹਾਲ ਪੰਜਾਬ, ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋ ਰਹੀ ਵਿਸ਼ਾਲ ਮਹਾਂ ਰੈਲੀ ਵਿੱਚ ਸਮੂਹ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ ਗਈ। ਇਹ ਦਿਨ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਵੀ ਹੈ ਅਤੇ ਇਸੇ ਇਤਿਹਾਸਕ ਮੌਕੇ ’ਤੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ।
ਇਸ ਮੌਕੇ ਜ਼ਿਲਾ ਪ੍ਰਧਾਨ ਅੰਮਿ੍ਤਸਰ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ, ਵਿਧਾਇਕ ਡਾ. ਅਜੈ ਗੁਪਤਾ, ਡਾ. ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਨਿਰਮਲ ਸੋਖੀ, ਰਘੂ ਰਾਜ, ਭਗਵੰਤ ਵਜ਼ੀਰ ਹਾਜ਼ਰ ਸਨ ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਜਿਹੇ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਦੀ ਕਲਪਨਾ ਵੀ ਰਵਾਇਤੀ ਪਾਰਟੀਆਂ ਆਪਣੇ ਲੰਮੇ ਰਾਜ ਦੌਰਾਨ ਨਹੀਂ ਕਰ ਸਕੀਆਂ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸਰਕਾਰ ਬਣਦਿਆਂ ਹੀ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਕੀਤਾ ਗਿਆ, ਜਿਸ ਸਦਕਾ ਅੱਜ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਇਸੇ ਤਰ੍ਹਾਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਬਜ਼ੁਰਗਾਂ ਲਈ ਧਾਰਮਿਕ ਯਾਤਰਾ ਦਾ ਪ੍ਰਬੰਧ ਕਰਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਵਰਗੇ ਲੋਕ-ਪੱਖੀ ਕਦਮ ਚੁੱਕੇ ਗਏ ਹਨ।
ਮਾਨ ਸਰਕਾਰ ਨੇ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵੀ ਵੱਡਾ ਕੰਮ ਕੀਤਾ ਗਿਆ ਹੈ। ਜਦੋਂ ਭਗਵੰਤ ਮਾਨ ਜੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਉਸ ਸਮੇਂ ਸਿਰਫ਼ 22 ਫ਼ੀਸਦੀ ਖੇਤੀਬਾੜੀ ਰਕਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਦਕਿ ਅੱਜ ਇਹ ਅੰਕੜਾ 88 ਫ਼ੀਸਦੀ ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਸੜਕਾਂ ਤੋਂ 18 ਟੋਲ ਪਲਾਜ਼ੇ ਬੰਦ ਕਰਕੇ ਪੰਜਾਬੀਆਂ ਦਾ ਰੋਜ਼ਾਨਾ ਲਗਭਗ 64 ਲੱਖ ਰੁਪਏ ਬਚਾਇਆ ਜਾ ਰਿਹਾ ਹੈ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਲੜੀ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੀ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਸੂਬੇ ਵਿੱਚ 3100 ਖੇਡ ਸਟੇਡੀਅਮ ਬਣਾਉਣ ਦਾ ਕੰਮ ਵੀ ਕੀਤਾ ਗਿਆ ਹੈ। ਸਰਕਾਰ ਦਾ ਉਦੇਸ਼ ਸਿਰਫ਼ ਨਸ਼ਿਆਂ ਨੂੰ ਖ਼ਤਮ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ, ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨਾ ਵੀ ਹੈ।
ਇਸ ਮਹਾਂ ਰੈਲੀ ਰਾਹੀਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦਾ 2022 ਦੀ ਇਤਿਹਾਸਕ ਜਿੱਤ ਲਈ ਦਿਲੋਂ ਧੰਨਵਾਦ ਕਰੇਗੀ ਅਤੇ ਨਾਲ ਹੀ 2027 ਲਈ ਲੋਕਾਂ ਦਾ ਆਸ਼ੀਰਵਾਦ ਮੰਗੇਗੀ। ਪੰਜਾਬੀਆਂ ਨੂੰ ਅਪੀਲ ਹੈ ਕਿ ਪੰਜਾਬ ਨੂੰ ਲੁੱਟਣ ਵਾਲੀਆਂ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਅਤੇ ਸੂਬੇ ਨੂੰ ਪਿੱਛੇ ਲਿਜਾਣ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਮੁੜ ਸੱਤਾ ਤੋਂ ਦੂਰ ਰੱਖਿਆ ਜਾਵੇ।
ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਹੋਰ ਮੌਕਾ ਦੇ ਕੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। 26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਵਿੱਚ ਪੰਜਾਬੀਆਂ ਦੀ ਵੱਡੀ ਸ਼ਮੂਲੀਅਤ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਨਵਾਂ ਸੰਦੇਸ਼ ਦੇਵੇਗੀ।























