Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਤਨਖਾਹੀਆ’ ਕਰਾਰ ਦਿੱਤਾ ਗਿਆ ਹੈ। ਸਿੱਖ ਸੰਗਤ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਉਨ੍ਹਾਂ ਨਾਲ ਕੋਈ ਵੀ ਸਮਾਜਿਕ ਜਾਂ ਨਿੱਜੀ ਸਬੰਧ ਨਾ ਰੱਖਣ। ਇਹ ਫੈਸਲਾ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਲਿਆ ਗਿਆ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ, ਗਿਆਸਪੁਰਾ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ‘ਤੇ ਜਾਤੀ-ਆਧਾਰਿਤ ਵਿਤਕਰੇ ਦੇ ਝੂਠੇ ਦੋਸ਼ ਲਗਾਏ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।
























