ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ ਐਲਾਨ ਤੋਂ ਇੱਕ ਦਿਨ ਬਾਅਦ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਕੇਂਦਰੀ ਮੰਤਰੀ ਮੰਡਲ ਵਿੱਚ ਸੰਭਾਵਿਤ ਵਾਪਸੀ ਵੀ ਸਿਆਸੀ ਚਰਚਾ ਵਿੱਚ ਆ ਗਈ ਹੈ। ਜੇ ਐੱਨਡੀਏ ਵਿੱਚ ਵਾਪਸੀ ਮਗਰੋਂ ਅਕਾਲੀ ਦਲ ਨੂੰ ਕੇਂਦਰ ਵਿੱਚ ਮੰਤਰੀ ਅਹੁਦਾ ਮਿਲਦਾ ਹੈ ਤਾਂ ਪਹਿਲਾਂ ਦੋ ਵਾਰ ਮੰਤਰਾਲਾ ਸੰਭਾਲ ਚੁੱਕੇ ਹਰਸਿਮਰਤ ਕੌਰ ਬਾਦਲ ਦੀ ਦਾਅਵੇਦਾਰੀ ਬਣ ਸਕਦੀ ਹੈ। ਭਾਜਪਾ ਅਤੇ ਅਕਾਲੀ ਦਲ ਨੇ ਗੱਠਜੋੜ ਦੇ ਐਲਾਨ ਵੇਲੇ ਕਿਸੇ ਕੇਂਦਰੀ ਮੰਤਰੀ ਅਹੁਦੇ ਬਾਰੇ ਜਾਣਕਾਰੀ ਨਹੀਂ ਦਿੱਤੀ।
ਹਰਸਿਮਰਤ ਕੌਰ ਬਾਦਲ ਨੇ 2014 ਵਿੱਚ ਪਹਿਲੀ ਵਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਸੰਭਾਲਿਆ ਸੀ। 2019 ਵਿੱਚ ਮੋਦੀ ਸਰਕਾਰ ਦੀ ਦੂਜੀ ਪਾਰੀ ਦੌਰਾਨ ਉਨ੍ਹਾਂ ਨੂੰ ਮੁੜ ਇਹੀ ਮੰਤਰਾਲਾ ਦਿੱਤਾ ਗਿਆ। ਸਤੰਬਰ 2020 ਵਿੱਚ ਉਨ੍ਹਾਂ ਨੇ ਕੇਂਦਰ ਦੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਤਤਕਾਲੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 18 ਸਤੰਬਰ ਨੂੰ ਸਵੀਕਾਰ ਕੀਤਾ। ਉਸੇ ਮਹੀਨੇ ਅਕਾਲੀ ਦਲ ਨੇ ਭਾਜਪਾ ਨਾਲ ਕਰੀਬ 24 ਸਾਲ ਪੁਰਾਣਾ ਗੱਠਜੋੜ ਤੋੜ ਦਿੱਤਾ ਸੀ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਚੁਣੇ ਗਏ।
24 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦਾ ਐਲਾਨ ਕੀਤਾ। ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਗੱਠਜੋੜ ਦੀ ਅਗਵਾਈ ਕਰੇਗਾ ਅਤੇ ਗੱਠਜੋੜ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਮੁੱਖ ਮੰਤਰੀ ਵੀ ਅਕਾਲੀ ਦਲ ਦਾ ਹੋਵੇਗਾ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦੀ ਵੰਡ ਦਾ ਐਲਾਨ ਅਜੇ ਬਾਕੀ ਹੈ।
ਜੇ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਜ਼ਿੰਮੇਵਾਰੀ ਮਿਲਦੀ ਹੈ ਤਾਂ ਇਹ ਛੇ ਸਾਲਾਂ ਬਾਅਦ ਮੰਤਰੀ ਮੰਡਲ ਵਿੱਚ ਉਨ੍ਹਾਂ ਦੀ ਵਾਪਸੀ ਹੋਵੇਗੀ। ਫਿਲਹਾਲ ਉਨ੍ਹਾਂ ਦੀ ਨਿਯੁਕਤੀ, ਸੰਭਾਵਿਤ ਮੰਤਰਾਲੇ ਜਾਂ ਸਹੁੰ ਚੁੱਕਣ ਦੀ ਤਾਰੀਖ਼ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।