ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ
ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) ਭਾਜਪਾ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਲਈ “ਗੱਦਾਰ” ਵਰਗੇ ਸ਼ਬਦ ਵਰਤਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਨੇਤਾਵਾਂ ਲਈ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਕਾਂਗਰਸ ਦੀ ਨਕਾਰਾਤਮਕ ਅਤੇ ਹਤਾਸ਼ ਰਾਜਨੀਤੀ ਨੂੰ ਦਰਸਾਉਂਦਾ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਦੂਜਿਆਂ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੀ ਪਾਰਟੀ ਦਾ ਇਤਿਹਾਸ ਵੀ ਯਾਦ ਕਰਨਾ ਚਾਹੀਦਾ ਹੈ। ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਖੂਨ ਡੋਲਣ ਵਾਲੀ ਸਿੱਖ ਕੌਮ ਨਾਲ ਜੁਲਮ ਕੀਤੇ ਅਤੇ 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਣ ਦਿੱਤਾ, ਇਹ ਸਭ ਕਾਂਗਰਸ ਸਰਕਾਰ ਦੇ ਸਮੇਂ ਹੋਇਆ ਅਤੇ ਜਿੰਨਾ ਨੇ ਦੋਸ਼ੀਆਂ ਨੂੰ ਬਚਾਇਆ ਕੀ ਉਹ ਗਦਾਰ ਨਹੀਂ ਆ?
ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਦੇ ਦਰਦ ਅਤੇ ਕੁਰਬਾਨੀਆਂ ਨੂੰ ਭੁੱਲ ਕੇ ਅੱਜ ਕਾਂਗਰਸ ਦੇ ਆਗੂ ਦੇਸ਼ਭਗਤੀ ਦੇ ਸਰਟੀਫਿਕੇਟ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸਨੂੰ ਦੇਸ਼ ਦੀ ਜਨਤਾ ਕਦੇ ਕਬੂਲ ਨਹੀਂ ਕਰੇਗੀ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਦੇਸ਼ ਅੱਜ ਵਿਕਾਸ, ਸੁਰੱਖਿਆ ਅਤੇ ਆਤਮਨਿਰਭਰਤਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਆਤੰਕਵਾਦ ਖਿਲਾਫ਼ ਸਖ਼ਤ ਫੈਸਲੇ ਲੈਣ ਤੋਂ ਲੈ ਕੇ ਭਾਰਤ ਦੀ ਵਿਸ਼ਵ ਪੱਧਰ ‘ਤੇ ਸਾਖ ਮਜ਼ਬੂਤ ਕਰਨ ਤੱਕ, ਮੋਦੀ ਸਰਕਾਰ ਨੇ ਹਰ ਖੇਤਰ ਵਿੱਚ ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਹੈ।
ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਅੱਜ ਦੇਸ਼ ਦੀ ਜਨਤਾ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਲੋਕ ਉਹਨਾਂ ਨੇਤਾਵਾਂ ਦੇ ਨਾਲ ਖੜੇ ਹਨ ਜੋ ਦੇਸ਼ ਦੇ ਵਿਕਾਸ, ਸੁਰੱਖਿਆ ਅਤੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਰਾਸ਼ਟਰਹਿਤ ਦੀ ਰਾਜਨੀਤੀ ਨੂੰ ਤਰਜੀਹ ਦਿੰਦੀ ਰਹੇਗੀ।























