ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ ਭਾਰੀ ਪੁਲਿਸ ਸੁਰੱਖਿਆ ਹੇਠ ਜਲੂਪੁਰ ਖੇੜਾ ਪਹੁੰਚੇ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਮਾਤਾ (ਅੰਮ੍ਰਿਤਪਾਲ ਸਿੰਘ ਦੀ ਦਾਦੀ) ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਅਤੇ ਰਸਮਾਂ ਵਿੱਚ ਸ਼ਾਮਲ ਹੋਣ ਲਈ 3 ਦਿਨ ਦੀ ਪੈਰੋਲ ਮਿਲੀ ਹੈ। ਅਦਾਲਤ ਨੇ ਹਰਜੀਤ ਸਿੰਘ ਨੂੰ 14, 15 ਅਤੇ 16 ਨਵੰਬਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਹਰਜੀਤ ਸਿੰਘ ਨੂੰ ਬਠਿੰਡਾ ਜੇਲ੍ਹ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿੰਡ, ਜਲੂਪੁਰ ਖੇੜਾ ਲੈ ਕੇ ਆਈ। ਇਸ ਦੌਰਾਨ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।























