Amritsar : 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਵਧੇਗਾ ਤਣਾਅ!
– SGPC ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਤੋਂ ਕੋਰੀ ਨਾਂਹ
ਅੰਮ੍ਰਿਤਸਰ, 6 ਜਨਵਰੀ 2026 (ਵਿਸ਼ਵ ਵਾਰਤਾ): 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਵਧਣ ਦੇ ਆਸਾਰ ਜਾਪ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਵੱਲੋਂ ਜਾਂਚ ਦੀ ਕਾਰਵਾਈ ਤੇਜ਼ ਕੀਤੀ ਜਾ ਚੁੱਕੀ ਹੈ ਓਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ।
ਜੇਕਰ ਐਸਸੀਪੀਸੀ ਰਿਕਾਰਡ ਨਹੀਂ ਮੁਹੱਈਆ ਕਰਵਾਉਂਦੀ ਤਾਂ ਐਸਆਈਟੀ ਵੱਡੀ ਕਾਰਵਾਈ ਕਰ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਸ ਮਾਮਲੇ ‘ਚ ਐੱਸਜੀਪੀਸੀ ਦੇ ਤਤਕਾਲੀ ਸਕੱਤਰ ਡਾ. ਰੂਪ ਸਿੰਘ ਸਣੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਉੱਤੇ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਦੋ ਗ੍ਰਿਫਤਾਰੀਆਂ ਵੀ ਹੋ ਚੁੱਕੀਆਂ ਹਨ। ਪੁਲਿਸ ਨੇ ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਕਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ; ਇਸ ਤੋਂ ਪਹਿਲਾਂ, ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੇਕਰ ਅਗਲੇਰੀ ਜਾਂਚ ‘ਚ ਐਸਸੀਪੀਸੀ ਸਹਿਯੋਗ ਨਹੀਂ ਕਰਦੀ ਤਾਂ ਤਤਕਾਲੀ ਅਹੁਦੇਦਾਰਾਂ ‘ਤੇ ਕਾਰਵਾਈ ਹੋਰ ਤੇਜ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਆਦਿ ਵੀ ਕੀਤੀ ਜਾ ਸਕਦੀ ਹੈ
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਅੱਜ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ਵਿਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਮ ਹੈ, ਜਿਸ ਅਨੁਸਾਰ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ।
ਸ਼੍ਰੋਮਣੀ ਕਮੇਟੀ ਸਕੱਤਰਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਅਤੇ ਰਿਕਾਰਡ ਵਿਚ ਹੇਰ-ਫੇਰ ਕਰਨ ਵਾਲੇ ਸਿੱਧੇ ਤੌਰ ’ਤੇ ਤਿੰਨ ਮੁਲਾਜ਼ਮ ਕੰਵਲਜੀਤ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਸਨ। ਇਨ੍ਹਾਂ ਨੇ ਆਪਣੀ ਲਾਲਸਾ ਖ਼ਾਤਿਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਨੂੰ ਹੀ ਬਦਨਾਮ ਕੀਤਾ। ਸ਼੍ਰੋਮਣੀ ਕਮੇਟੀ ਦੇ ਵਿਧਾਨ ਅਨੁਸਾਰ ਜਦੋਂ ਸ਼ਰਧਾਲੂ ਜਾਂ ਗੁਰਦੁਆਰਾ ਕਮੇਟੀਆਂ ਪਾਵਨ ਸਰੂਪਾਂ ਦੀ ਮੰਗ ਕਰਦੇ ਹਨ ਤਾਂ ਨਿਯਮਾਂ ਅਨੁਸਾਰ ਪ੍ਰਚਾਰਕ ਦੀ ਪੜਤਾਲ ਰਿਪੋਰਟ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਿਫਾਰਸ਼ ਬਾਅਦ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਬਾਅਦ ਪਾਵਨ ਸਰੂਪ ਦੇਣ ਸਮੇਂ ਭੇਟਾ ਜਮ੍ਹਾਂ ਕਰਕੇ ਰਸੀਦ ਕੱਟੀ ਜਾਂਦੀ ਹੈ ਅਤੇ ਉਸ ਨੂੰ ਰਿਕਾਰਡ ਵਿਚ ਦਰਜ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਕੇ ਇਹ ਜ਼ੁੰਮੇਵਾਰੀ ਪਬਲੀਕੇਸ਼ਨ ਵਿਭਾਗ ਵਿਖੇ ਤਾਇਨਾਤ ਤਤਕਾਲੀ ਮੁਲਾਜ਼ਮਾਂ ਨੇ ਨਹੀਂ ਨਿਭਾਈ। ਇਸ ਤਰ੍ਹਾਂ ਉਹ ਸਿੱਧੇ ਤੌਰ ’ਤੇ ਦੋਸ਼ੀ ਹੋਣ ਕਰਕੇ ਹੀ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਈ ਵੱਡੇ ਅਧਿਕਾਰੀਆਂ ਨੂੰ ਪ੍ਰਬੰਧਕੀ ਤੌਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸਿੱਖ ਗੁਰਦੁਆਰਾ ਐਕਟ ਦੀ ਭਾਵਨਾ ਅਨੁਸਾਰ ਕਾਰਜ ਕਰਦੀ ਹੈ ਅਤੇ ਇਸ ਦੌਰਾਨ ਕੰਮ ਕਰਨ ਵਾਲੇ ਹਰ ਮੁਲਾਜ਼ਮ ਦੀ ਆਪਣੀ ਨਿਰਧਾਰਤ ਜ਼ੁੰਮੇਵਾਰੀ ਹੈ। ਜੇਕਰ ਉਸ ਵਿਚ ਕੋਈ ਅਵੱਗਿਆ ਕਰਦਾ ਹੈ ਤਾਂ ਉਸ ਖਿਲਾਫ਼ ਸਰਵਿਸ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਨੀ ਸੰਸਥਾ ਦਾ ਆਪਣਾ ਅਧਿਕਾਰ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਮਾਮਲੇ ਸਬੰਧੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























