Amritsar ‘ਚ ਵੱਡੀ ਵਾਰਦਾਤ; ‘ਆਪ’ ਸਰਪੰਚ ਦਾ ਗੋਲੀ ਮਾਰ ਕੇ ਕਤਲ
ਅੰਮ੍ਰਿਤਸਰ, 4 ਜਨਵਰੀ (ਵਿਸ਼ਵ ਵਾਰਤਾ): ਅੰਮ੍ਰਿਤਸਰ ‘ਚ ਵੱਡੀ ਘਟਨਾ ਵਾਪਰੀ ਹੈ ਜਿਸਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਥੇ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦੀ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਸਰਪੰਚ ਜਰਮਲ ਸਿੰਘ ਦੇ ਸਿਰ ਵਿੱਚ ਗੋਲੀ ਲੱਗੀ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਅੰਮ੍ਰਿਤਸਰ ਦੇ ਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਕਿਹਾ, “ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਮੈਰਿਜ ਪੈਲੇਸ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਆਏ ਸਨ। ਅਤੇ ਹਮਲਾਵਰ ਬਰਾਤੀਆਂ ਦੇ ਭੇਸ ਵਿੱਚ ਆਏ ਸਨ। ਖੁਫੀਆ ਅਤੇ ਤਕਨੀਕੀ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























