Amritsar : ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ; ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ
ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ) Amritsar ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਉਹ ਨੌਜਵਾਨ ਉਸ ਪੌੜੀ ‘ਤੇ ਚੜ੍ਹ ਗਿਆ ਜੋ ਮੂਰਤੀ ਨੂੰ ਹਾਰ ਪਾਉਣ ਲਈ ਰੱਖੀ ਗਈ ਸੀ। ਉਸਨੇ ਮੂਰਤੀ ਨੂੰ ਹਥੌੜੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ, ਉਸ ਵਿਅਕਤੀ ਨੇ ਮੂਰਤੀ ਤੇ 8 ਵਾਰ ਹਮਲਾ ਕੀਤਾ। ਉਸਨੇ ਬੁੱਤ ਦੇ ਨੇੜੇ ਸਥਿਤ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਹ ਘਟਨਾ ਹੈਰੀਟੇਜ ਸਟਰੀਟ ‘ਤੇ ਵਾਪਰੀ। ਮੁਲਜ਼ਮ ਦੀ ਪਛਾਣ ਅਕਾਸ਼ ਵਾਸੀ ਧਰਮਕੋਟ ਵਜੋਂ ਹੋਈ ਹੈ।
ਇਸ ਘਟਨਾ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਜ Amritsar ਬੰਦ ਦਾ ਸੱਦਾ ਦਿੱਤਾ ਹੈ। ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੱਡੇ ਚੁਰਸਤਿਆਂ ਉਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਘਟਨਾ ਤੋਂ ਬਾਅਦ ਐਤਵਾਰ ਰਾਤ ਨੂੰ ਹੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕ ਜੀਵਨਜੋਤ ਕੌਰ ਮੌਕੇ ‘ਤੇ ਪਹੁੰਚੇ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ “ਸ੍ਰੀ Amritsar ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।”
https://x.com/BhagwantMann/status/1883716058739048926
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/