ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ) ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 ‘ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।
ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਸ੍ਰੀਮਤੀ ਅਲਕਾ ਕਾਲੀਆ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਾਰੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਖਾਣ-ਪੀਣ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਖਾਣ-ਪੀਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਖ਼ਮੀਆਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਇਲਾਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।























