Amritsar : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਅਜਨਾਲਾ
– ਕੁਲਦੀਪ ਸਿੰਘ ਧਾਲੀਵਾਲ ਨੇ ਸੌਂਪਿਆ ਮੰਗ ਪੱਤਰ
– “ਸਾਨੂੰ PM ਮੋਦੀ ਨੇ ਭੇਜਿਆ, ਅਸੀਂ ਪੰਜਾਬ ਨਾਲ਼ ਖੜ੍ਹੇ ਆਂ”- ਕੇਂਦਰੀ ਖੇਤੀਬਾੜੀ ਮੰਤਰੀ
ਅੰਮ੍ਰਿਤਸਰ, 4 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਵਿਚਕਾਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ (Amritsar) ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਫਸਲਾਂ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਅੰਮ੍ਰਿਤਸਰ ਪਹੁੰਚਦੇ ਹੀ ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਮੰਤਰੀ ਨੂੰ ਪੰਜ ਜ਼ਿਲ੍ਹਿਆਂ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਦੀਆਂ ਹੜ੍ਹ ਰਿਪੋਰਟਾਂ ਸੌਂਪੀਆਂ।

ਇਸ ਤੋਂ ਬਾਅਦ ਸ਼ਿਵਰਾਜ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ ਤਾਂ ਜੋ ਉਹ ਸਿੱਧੇ ਤੌਰ ‘ਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈ ਸਕਣ। ਇਸ ਤੋਂ ਬਾਅਦ, ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ। ਸ਼ਿਵਰਾਜ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਿਹਾ ਹੈ। ਅੱਜ ਜਦੋਂ ਸੂਬਾ ਹੜ੍ਹਾਂ ਦੀ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ, ਤਾਂ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਖੜ੍ਹੀ ਹੈ।

ਦੱਸ ਦਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ ਵਿੱਚ ਹੜ੍ਹ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਪਹਿਲੇ ਪੜਾਅ ਵਿੱਚ 2000 ਕਰੋੜ ਰੁਪਏ ਲਈ ਮੰਗ ਪੱਤਰ ਦਿੱਤਾ , ਨਾਲ ਹੀ, ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਪੈਸੇ ਦੀ ਬਹੁਤ ਲੋੜ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















