Amritsar : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਇਕੱਤਰਤਾ
ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ!
3 ਸਾਬਕਾ ਜਥੇਦਾਰਾਂ ਤੋਂ ਵੀ ਮੰਗਿਆ ਸਪੱਸ਼ਟੀਕਰਨ
2007 ਤੋਂ 2017 ਵਾਲੀ ਸਮੁੱਚੀ ਕੈਬਨਿਟ ਨੂੰ ਵੀ ਕੀਤਾ ਤਲਬ
ਅੰਮ੍ਰਿਤਸਰ, 25 ਨਵੰਬਰ (ਵਿਸ਼ਵ ਵਾਰਤਾ): ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਇਕੱਤਰਤਾ ‘ਚ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਵੀ ਤਲਬ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 2007 ਤੋਂ 2017 ਤਕ ਕੈਬਨਿਟ ਦਾ ਹਿੱਸਾ ਰਹੇ ਸਿੱਖ ਮੰਤਰੀ ਵੀ ਤਲਬ ਕੀਤੇ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2015 ਦੇ ਕਾਰਜਕਾਰਨੀ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ।
ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਇਕੱਤਰਤਾ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਜਾ ਸਕਦੀ ਹੈ। ਕਿਉਂਕਿ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖਾਹੀਆ ਐਲਾਨੇ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਹੁਣ ਤਕ ਉਨ੍ਹਾਂ ਨੂੰ ਸਜ਼ਾ ਨਹੀਂ ਸੁਣਾਈ ਗਈ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ