Amritsar : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ 25 ਜਨਵਰੀ- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।