Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ
ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਦੇ ਮਾਮਲੇ ‘ਚ ਸੱਦੀ ਗਈ ਹੈ ਮੀਟਿੰਗ
ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਵਿਚਾਰਿਆ ਜਾਵੇਗਾ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੁਖਬੀਰ ਬਾਦਲ ਦੇ ‘ਤਨਖਾਈਏ’ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਨਗੇ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ। ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।
ਦੱਸ ਦਈਏ ਕਿ ਬੀਤੀ 30 ਅਗਸਤ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਤਨਖਾਈਆ ਐਲਾਨੇ ਜਾਣ ਕਾਰਨ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਵਿਚ ਪ੍ਰਚਾਰ ਕਰਨ ਜਾਂ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਜਿਸ ਤੋਂ ਬਾਅਦ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਦੂਰੀ ਬਣਾ ਲਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/