Amritsar : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਰਿਵਾਰ ਸਣੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਅੰਮ੍ਰਿਤਸਰ, 5 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਆਪਣੇ ਪਰਿਵਾਰ ਸਣੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਪ੍ਰਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ। ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਬੇਨਤੀ ਕੀਤੀ।” ਉਨ੍ਹਾਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕੀਤੇ।
ਰਾਜਾ ਵੜਿੰਗ ਵਲੋਂ ਕੀਤੀ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ “ਮੈਂ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ। ਮੈਂ ਗੁਰੂ ਘਰ ਆਇਆ ਹਾਂ। ਮੈਂ ਉਨ੍ਹਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਸਮਝ ਅਤੇ ਮਾਰਗਦਰਸ਼ਨ ਦੇਵੇ।” ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ‘ਤੇ ਬਿਆਨ ਦਿੰਦੇ ਹੋਏ, ਉਨ੍ਹਾਂ ਕਿਹਾ, ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਤਕ ਖੇਡੇ ਜਾ ਰਹੇ ਹਨ, ਤਾਂ ਕਰਤਾਰਪੁਰ ਲਾਂਘਾ ਵੀ ਖੁੱਲ੍ਹਾ ਰਹਿਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























