
ਮਜੀਠਾ ‘ਚ ਨਕਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ
– ਮੁੱਖ ਮੁਲਜ਼ਮ ਸਮੇਤ 6 ਲੋਕਾਂ ਨੂੰ ਕੀਤਾ ਕਾਬੂ, ਪੜ੍ਹੋ ਵੇਰਵਾ
ਅੰਮ੍ਰਿਤਸਰ, 13 ਮਈ (ਵਿਸ਼ਵ ਵਾਰਤਾ) : ਅੰਮ੍ਰਿਤਸਰ (Amritsar) ਦੇ ਮਜੀਠਾ ਵਿਧਾਨ ਸਭਾ ਹਲਕੇ ਦੇ ਭੰਗਾਲੀ, ਥਰੀਏਵਾਲ ਅਤੇ ਮਰਾੜੀ ਕਲਾਂ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਜਦ ਕਿ 6 ਹਸਪਤਾਲ ਵਿਚ ਦਾਖਲ ਹਨ। 14 ਲੋਕਾਂ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਸਪਲਾਇਰ ਪਰਬਜੀਤ ਸਿੰਘ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਪ੍ਰਭਜੀਤ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ। ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ। ਦੱਸ ਦਈਏ ਕਿ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ, ਡੀਸੀ ਸਾਕਸ਼ੀ ਸਾਹਨੀ ਵੀ ਮੰਗਲਵਾਰ ਸਵੇਰੇ ਪੀੜਿਤ ਪਰਿਵਾਰਾਂ ਕੋਲ ਪਹੁੰਚੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਮੁਢਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਸਾਰੇ ਲੋਕ ਦਿਹਾੜੀਦਾਰ ਮਜ਼ਦੂਰ ਹਨ। ਪੁਲਿਸ ਅਨੁਸਾਰ 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਹੈ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























