ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਰਦਾਸ ਮਗਰੋਂ ਆਰੰਭ ਹੋਇਆ SGPC ਦਾ ਜਨਰਲ ਇਜਲਾਸ
– ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ
– ਜਾਣੋ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਕੌਣ ਹਨ ਉਮੀਦਵਾਰ?
ਅੰਮ੍ਰਿਤਸਰ, 3 ਨਵੰਬਰ 2025 (ਵਿਸ਼ਵ ਵਾਰਤਾ) –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Amritsar) ਦਾ ਜਨਰਲ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਰਦਾਸ ਮਗਰੋਂ ਆਰੰਭ ਹੋਇਆ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਇਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਨੂੰ ਸਮਰਥਨ ਦਿੱਤਾ ਗਿਆ ਹੈ। ਦੂਜੇ ਪਾਸੇ, ਅਕਾਲੀ ਦਲ ਪੁਨਰ- ਸੁਰਜੀਤ ਤੋਂ ਮਿੱਠੂ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ। ਪਿਛਲੇ ਸਾਲ 28 ਅਕਤੂਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਗਏ ਸਨ। ਧਾਮੀ ਨੂੰ 107 ਵੋਟਾਂ ਮਿਲੀਆਂ ਸਨ, ਜਦੋਂ ਕਿ ਬਾਗ਼ੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇੋ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ. ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਸਰਗਰਮ ਮੈਂਬਰ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























