Amritsar: ਸ੍ਰੀ ਹਰਿਮੰਦਰ ਸਾਹਿਬ ਵਿਖੇ ਫਿਰ ਆਈ ਧਮਕੀ ਭਰੀ ਈਮੇਲ
– ਵਧਾਈ ਗਈ ਸੁਰੱਖਿਆ

ਅੰਮ੍ਰਿਤਸਰ, 15 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਯਾਨੀ ਕਿ ਸੋਮਵਾਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਚੌਕਸ ਹੋ ਗਈ ਹੈ। ਸ਼੍ਰੋਮਣੀ ਕਮੇਟੀ ਅਤੇ ਪੁਲਿਸ ਸਾਂਝੇ ਤੌਰ ‘ਤੇ ਪੂਰੇ ਕੰਪਲੈਕਸ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰ ਰਹੇ ਹਨ। ਫੌਜ ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਹਰੇਕ ਆਉਣ- ਜਾਣ ਵਾਲੇ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।






















