Amritsar: ਦਿਨ-ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਅੰਮ੍ਰਿਤਸਰ, 30 ਮਾਰਚ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਅੱਜ ਇਕ ਵੱਡੀ ਘਟਨਾ ਵਾਪਰੀ। ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਤੋਂ ਕੰਮ ‘ਤੇ ਜਾਣ ਨਿਕਲੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 35 ਸਾਲਾ ਸੋਹਣਾ ਸਿੰਘ ਵਜੋਂ ਹੋਈ ਹੈ, ਜੋ ਰਾਜਾਤਾਲ ਪਿੰਡ ਦਾ ਰਹਿਣ ਵਾਲਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰ ਲਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ, ਘਟਨਾ ਅੱਜ ਸਵੇਰੇ ਕਰੀਬ 10 ਵਜੇ ਅਟਾਰੀ ਖੇਤਰ ਸਥਿਤ ਰਾਜਾਤਾਲ ਪਿੰਡ ਦੇ ਕੋਲ ਵਾਪਰੀ। ਸੋਹਣਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਘਰ ਤੋਂ ਕੰਮ ‘ਤੇ ਜਾਣ ਲਈ ਨਿਕਲਿਆ ਸੀ। ਜਦੋਂ ਉਹ ਰਾਜਾਤਾਲ ਪਿੰਡ ਦੇ ਨੇੜੇ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਲਜ਼ਮ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਵੀ ਲੈ ਗਏ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਆਲੇ-ਦੁਆਲੇ ਦੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























