Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਨੌਜਵਾਨ ਦਾ ਕਤਲ ਹੋਇਆ ਉਥੋਂ ਪੁਲਿਸ ਥਾਣਾ ਕੁੱਝ ਹੀ ਦੂਰੀ ਤੇ ਸਥਿਤ ਹੈ। ਇਹ ਵਾਰਦਾਤ ਵੀਰਵਾਰ ਰਾਤ ਦੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਗਿੱਲ ਵੱਜੋਂ ਹੋਈ ਹੈ ਅਤੇ ਉਸ ਦੀ ਉਮਰ ਕਰੀਬ 25 ਸਾਲ ਦੀ ਦੱਸੀ ਜਾ ਰਹੀ ਹੈ। ਉਹ ਜ਼ੋਮੈਟੋ ਲਈ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ ਅਤੇ ਲਗਭਗ ਦੋ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ। ਉਸਦਾ ਇੱਕ ਸਾਲ ਦਾ ਬੱਚਾ ਵੀ ਹੈ।
ਮਿਲੀ ਜਾਣਕਾਰੀ ਅਨੁਸਾਰ ਦੋ ਐਕਟਿਵਾ ਨੌਜਵਾਨਾਂ ਨੇ ਉਸ ‘ਤੇ ਕਈ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਇਸਲਾਮਾਬਾਦ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਗੋਲੀਬਾਰੀ ਦੀ ਜਾਣਕਾਰੀ ਮਿਲਣ ‘ਤੇ ਐਸਐਚਓ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਏਡੀਸੀਪੀ ਪੱਧਰ ਦੇ ਇੱਕ ਅਧਿਕਾਰੀ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਅਨੁਸਾਰ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















