Arvind Kejriwal ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ
ਦਬਾਅ ਦੀਆਂ ਚਾਲਾਂ ਅਰਵਿੰਦ ਕੇਜਰੀਵਾਲ ਨੂੰ ਡਰਾ ਨਹੀਂ ਸਕਦੀਆਂ
ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ।
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ ‘ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤੇ ਕਦਰਾਂ-ਕੀਮਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਮੈਂਬਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦਾ ਹਰ ਵਰਕਰ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।