ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜਾਣਗੇ , ਜਿੱਥੇ ਉਹ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦੇਣਗੇ। ਉਹ 100 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇਣਗੇ। ਇਹ ਬੱਸਾਂ ਪੇਂਡੂ ਅਤੇ ਛੋਟੇ ਸ਼ਹਿਰਾਂ ਦੇ ਰੂਟਾਂ ‘ਤੇ ਚੱਲਣਗੀਆਂ। ਇਹ ਬੱਸਾਂ ਰੋਜ਼ਾਨਾ ਆਉਣ-ਜਾਣ ਵਾਲੇ ਅਤੇ ਕਾਰੋਬਾਰੀ ਯਾਤਰੀਆਂ ਨੂੰ ਰਾਹਤ ਪ੍ਰਦਾਨ ਕਰਨਗੀਆਂ।
ਪਟਿਆਲਾ ਤੋਂ ਬਾਅਦ ਮੁੱਖ ਮੰਤਰੀ ਮਾਨ ਅੰਮ੍ਰਿਤਸਰ ਜਾਣਗੇ, ਜਿੱਥੇ ਉਹ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੱਜ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਅੰਮ੍ਰਿਤਸਰ ’ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਰਾਜ ਪੱਧਰੀ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਵੇਗੀ। ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।























