Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ
– ਦੁਪਹਿਰ 1 ਵਜੇ ਹੋਵੇਗੀ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਦੋਵੇਂ ਪਾਰਟੀਆਂ ਵੱਲੋਂ ਅੱਜ ਦੁਪਹਿਰ 1 ਵਜੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੀਡੀਆ ਗੱਲਬਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦੌਰਾਨ ਪੰਜਾਬ ਵਿੱਚ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਬਾਰੇ ਰਸਮੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਸਾਂਝੀ ਪ੍ਰੈੱਸ ਕਾਨਫਰੰਸ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਸਿਆਸੀ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ, ਪ੍ਰੈੱਸ ਕਾਨਫਰੰਸ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਪੰਜਾਬ ਵਿੱਚ ਸਿਆਸੀ ਭਾਈਵਾਲ ਰਹੇ ਹਨ। ਸਤੰਬਰ 2020 ਵਿੱਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵੱਖ-ਵੱਖ ਲੜੀਆਂ ਸਨ। ਪਰ ਦੋਵੇਂ ਹੀ ਪਾਰਟੀਆਂ ਕੋਈ ਖਾਸ ਕਮਾਲ ਨਹੀਂ ਕਰ ਸਕੀਆਂ ਸਨ।
ਹੁਣ ਮੁੜ ਇਕੱਠੇ ਆਉਣ ਦੀ ਸੰਭਾਵਨਾ ਨਾਲ ਪੰਜਾਬ ਦਾ ਸਿਆਸੀ ਸਮੀਕਰਨ ਬਦਲ ਸਕਦਾ ਹੈ। ਹਾਲਾਂਕਿ ਗੱਠਜੋੜ ਦੇ ਤਹਿਤ ਸੀਟਾਂ ਦੀ ਵੰਡ, ਚੋਣ ਪ੍ਰਚਾਰ ਦੀ ਰਣਨੀਤੀ ਅਤੇ ਹੋਰ ਸ਼ਰਤਾਂ ਬਾਰੇ ਵੇਰਵੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸਾਹਮਣੇ ਆਉਣ ਦੀ ਉਮੀਦ ਹੈ।























