Big News: ਰਾਮ ਰਹੀਮ ਨੂੰ ਅਦਾਲਤ ਨੇ ਕੀਤਾ ਬਰੀ
ਚੰਡੀਗੜ੍ਹ, 7 ਮਾਰਚ 2026 (ਵਿਸ਼ਵ ਵਾਰਤਾ) – ਡੇਰਾ ਮੁਖੀ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ, ਹਾਈ ਕੋਰਟ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਦੋਸ਼ੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। 17 ਜਨਵਰੀ, 2019 ਨੂੰ, ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੱਤ ਸਾਲ ਪਹਿਲਾਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਸੀ।
ਦੱਸ ਦਈਏ ਕਿ ਛਤਰਪਤੀ ਕਤਲ ਕੇਸ ਵਿਚ ਡੇਰਾ ਮੁਖੀ ਰਾਮ ਰਹੀਮ ਸਮੇਤ ਤਿੰਨ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਨੂੰ CBI ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਹਾਈਕੋਰਟ ਨੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ। ਦੱਸ ਦੇਈਏ ਕਿ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਨੂੰ 24 ਅਕਤੂਬਰ, 2002 ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਸ ਦੀ 21 ਨਵੰਬਰ ਨੂੰ ਮੌਤ ਹੋ ਗਈ ਸੀ।
2003 ਵਿਚ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਦੁਆਰਾ ਦਾਇਰ ਪਟੀਸ਼ਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਸੀ। ਨਵੰਬਰ 2003 ਵਿਚ ਸੀ.ਬੀ.ਆਈ. ਨੇ ਹਾਈ ਕੋਰਟ ਦੇ ਹੁਕਮਾਂ ‘ਤੇ FIR ਦਰਜ ਕੀਤੀ। ਇਸ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ CBI ਅਦਾਲਤ ਵਿਚ ਲਗਭਗ 16 ਸਾਲਾਂ ਤੱਕ ਚੱਲੀ। CBI ਨੇ 2018-2019 ਵਿਚ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ। ਅਦਾਲਤ ਨੇ ਇਸ ਨੂੰ ਇਕ ਯੋਜਨਾਬੱਧ ਸਾਜ਼ਿਸ਼ ਘੋਸ਼ਿਤ ਕੀਤਾ ਅਤੇ ਰਾਮ ਰਹੀਮ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਦੋਸ਼ੀ ਠਹਿਰਾਇਆ।
ਗੁਰਮੀਤ ਰਾਮ ਰਹੀਮ ਅਤੇ ਬਾਕੀ ਦੋਸ਼ੀਆਂ ਨੇ 2019 ‘ਚ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਅੱਜ ਹਾਈ ਕੋਰਟ ਨੇ ਬਾਕੀ ਦੋਸ਼ੀਆਂ ਨੂੰ ਛੱਡ ਕੇ ਗੁਰਮੀਤ ਰਾਮ ਰਹੀਮ ਨੂੰ ਬਰੀ ਕਰ ਦਿੱਤਾ। ਗੁਰਮੀਤ ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਤੇ ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















