Big News: ‘ਹਿੰਦ ਦੀ ਚਾਦਰ’ ਦੀ ਸ਼ਹਾਦਤ ਨੂੰ ਸਿਜਦਾ ਕਰਨਾ ਹੈ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ – ਕਰਨੈਲ ਸਿੰਘ ਪੀਰ ਮੁਹੰਮਦ
_• ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਜਾਵੇਗੀ ਖੁੱਲ੍ਹੀ ਚਿੱਠੀ
_• ਕੇਂਦਰ ਸਰਕਾਰ ਇਤਿਹਾਸਕ ਮੌਕੇ ‘ਤੇ ਸਿੱਖ ਭਾਵਨਾਵਾਂ ਅਤੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਦਿਆਂ ਇੱਕ ਸਾਰਥਕ ਫ਼ੈਸਲਾ ਲਵੇ
ਚੰਡੀਗੜ੍ਹ 26 ਸਤੰਬਰ 2025: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਮਨੁੱਖਤਾਵਾਦੀ ਪਹੁੰਚ ਅਪਣਾਉਂਦਿਆਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਅੱਜ ਇੱਥੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ, ਕਿਹਾ ਹੈ ਕਿ “ਜੇਕਰ ਕੇਂਦਰ ਸਰਕਾਰ ਸੱਚੇ ਦਿਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣਾ ਪਵੇਗਾ। ਗੁਰੂ ਸਾਹਿਬ ਨੇ ਜ਼ੁਲਮ ਦੇ ਖਿਲਾਫ਼ ਅਤੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ ਸੀ। ਅੱਜ ਉਸੇ ਦੇਸ਼ ਵਿੱਚ ਬੰਦੀ ਸਿੰਘ ਦਹਾਕਿਆਂ ਤੋਂ ਨਿਆਂ ਨੂੰ ਉਡੀਕ ਰਹੇ ਹਨ। ਇਸ ਇਤਿਹਾਸਕ ਸ਼ਤਾਬਦੀ ‘ਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ।
ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਜਲਦੀ ਹੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਖੁੱਲ੍ਹੀ ਚਿੱਠੀ ਭੇਜੀ ਜਾ ਰਹੀ ਹੈ। ਇਸ ਚਿੱਠੀ ‘ਤੇ ਦੇਸ਼ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ, ਲੇਖਕਾਂ ਅਤੇ ਸੇਵਾ-ਮੁਕਤ ਜੱਜਾਂ ਦੇ ਦਸਤਖ਼ਤ ਵੀ ਲਏ ਜਾਣਗੇ ਤਾਂ ਜੋ ਸਰਕਾਰ ਤੱਕ ਕੌਮ ਦੀ ਸਾਂਝੀ ਆਵਾਜ਼ ਪਹੁੰਚ ਸਕੇ।
ਸ੍ਰ. ਪੀਰ ਮੁਹੰਮਦ ਨੇ ਉਮੀਦ ਜਤਾਈ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦਿਆਂ ਇਸ ਇਤਿਹਾਸਕ ਮੌਕੇ ‘ਤੇ ਇੱਕ ਸਾਰਥਕ ਫ਼ੈਸਲਾ ਲਵੇਗੀ।























