ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ! ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ
ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ । ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਮਿਲ ਗਈ ਹੈ। ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ। ਉਨ੍ਹਾਂ ਨੇ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗੀ ਸੀ। ਮੋਹਾਲੀ ਅਦਾਲਤ ਵਿੱਚ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਤੋਂ ਜਵਾਬ ਮੰਗਿਆ ਗਿਆ ਸੀ। ਜਵਾਬ ਦਾਖ਼ਲ ਨਾ ਹੋਣ ਕਾਰਨ ਅਦਾਲਤ ਨੇ ਸੁਣਵਾਈ 21 ਨਵੰਬਰ ਤੱਕ ਟਾਲ ਦਿੱਤੀ ਸੀ। ਜਿਸ ਤੋਂ ਬਾਅਦ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮਜੀਠੀਆ ਦੀ ਅਰਜ਼ੀ ਵਿੱਚ ਵਿਦੇਸ਼ ਯਾਤਰਾ ਦੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਵਿੱਚ ਫਲਾਈਟ, ਮੰਜ਼ਿਲ ਵਾਲੇ ਸ਼ਹਿਰ ਅਤੇ ਠਹਿਰਨ ਦੀ ਥਾਂ ਦਾ ਵੇਰਵਾ ਨਹੀਂ ਹੈ। ਇਸ ‘ਤੇ ਅਦਾਲਤ ਨੇ ਸੁਣਵਾਈ 23 ਨਵੰਬਰ 2026 ਤੱਕ ਮੁਲਤਵੀ ਕਰ ਦਿੱਤੀ ਸੀ। ਅੱਜ ਅਦਾਲਤ ਦੇ ਫ਼ੈਸਲੇ ਨਾਲ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ।























