ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਚੋਣਾਂ ਵਾਲੇ ਸੂਬੇ ਪੰਜਾਬ ‘ਚ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਿਬਿਨ 18 ਨਵੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਕਰਵਾਈ ਜਾ ਰਹੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀ ਜਾ ਰਹੀ ‘ਸਮਰਸਤਾ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 5 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸਮਾਪਤ ਹੋਵੇਗੀ। ਪਾਰਟੀ ਸੂਤਰਾਂ ਅਨੁਸਾਰ, ਇਹ ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚੋਂ ਦੀ ਲੰਘੇਗੀ। ਇਸ ਯਾਤਰਾ ਦੌਰਾਨ, ਸਮਾਜਿਕ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ 46 ਪ੍ਰਮੁੱਖ ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ।
ਨਿਤਿਨ ਨਿਬਿਨ ਦੇ ਦੌਰੇ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ। ਜਨ ਸਭਾ ਲਈ ਡੇਰਾ ਸੱਚਖੰਡ ਬੱਲਾਂ ਦੇ ਨਜ਼ਦੀਕ ਪਿੰਡ ਰਾਏਪੁਰ ਰਸੂਲਪੁਰ ਵਿੱਚ ਵਿਸ਼ਾਲ ਪੰਡਾਲ ਬਣਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ, ਇਸ ਵਿੱਚ 50 ਤੋਂ 60 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। ਕੁਰਸੀਆਂ ਅਤੇ ਹੋਰ ਲੋੜੀਂਦੇ ਸਾਮਾਨ ਦਾ ਪ੍ਰਬੰਧ ਕਰ ਲਿਆ ਗਿਆ ਹੈ। ਦਾਅਵਾ ਹੈ ਕਿ 17 ਨਵੰਬਰ ਦੀ ਰਾਤ 8 ਵਜੇ ਤੱਕ ਪੰਡਾਲ ਤਿਆਰ ਹੋ ਜਾਵੇਗਾ।























