Bollywood Actor ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਅਫਵਾਹਾਂ ‘ਤੇ ਲਗਾਇਆ ਵਿਰਾਮ!
– ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਾਈਬਰ ਸੈੱਲ ‘ਚ ਕਰਨਗੇ ਸ਼ਿਕਾਇਤ
ਮੁੰਬਈ,8 ਮਈ (ਵਿਸ਼ਵ ਵਾਰਤਾ): ਬਾਲੀਵੁੱਡ ਦੇ ਦਿੱਗਜ ਐਕਟਰ ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਝੂਠੀਆਂ ਅਫ਼ਵਾਹਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦਿਹਾਂਤ ਦੀਆਂ ਅਫ਼ਵਾਹਾਂ ਉੱਡ ਰਹੀਆਂ ਸਨ, ਜਿਸ ਕਾਰਨ ਐਕਟਰ ਕਾਫ਼ੀ ਪਰੇਸ਼ਾਨ ਹੋ ਗਏ ਸਨ।
ਹੁਣ ਸ਼ਕਤੀ ਕਪੂਰ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਅਜਿਹੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ, “ਨਮਸਤੇ ਸਭ ਨੂੰ, ਮੇਰੀ ਮੌਤ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ ਹਨ। ਮੈਂ ਬਿਲਕੁਲ ਤੰਦਰੁਸਤ ਅਤੇ ਖ਼ੁਸ਼ ਹਾਂ, ਕਿਰਪਾ ਕਰਕੇ ਅਜਿਹੀਆਂ ਅਫ਼ਵਾਹਾਂ ‘ਤੇ ਧਿਆਨ ਨਾ ਦਿਓ।”
ਸ਼ਕਤੀ ਕਪੂਰ ਵੀਡੀਓ ਵਿੱਚ ਕਾਫ਼ੀ ਸਹਿਜ ਨਜ਼ਰ ਆਏ। ਉਨ੍ਹਾਂ ਨੇ ਇਸ ਹਰਕਤ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਇਹ ਵੀ ਸਾਫ਼ ਕਰ ਦਿੱਤਾ ਕਿ ਉਹ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਾਈਬਰ ਸੈੱਲ ਵਿੱਚ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਕਿਹਾ “ਮੈਂ ਇਸ ਦੀ ਸ਼ਿਕਾਇਤ ਕਰਨ ਜਾ ਰਿਹਾ ਹਾਂ।” ਉਨ੍ਹਾਂ ਨੇ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਫੈਲਾਉਣਾ ਚੰਗੀ ਗੱਲ ਨਹੀਂ ਹੈ ਅਤੇ ਇਸ ਨਾਲ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਮਾਨਸਿਕ ਤਣਾਅ ਹੁੰਦਾ ਹੈ।























